Friday, January 16Malwa News
Shadow

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

ਤਰਨ ਤਾਰਨ, 05 ਜਨਵਰੀ (        ) – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਇਸ ਸਬੰਧੀ ਵਿਸ਼ੇਸ਼ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ ਸਖਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਪਾਬੰਦੀਸ਼ੁਦਾ ਸਿੰਥੈਟਿਕ ਡੋਰ (ਚਾਈਨਾ ਡੋਰ) ਨੂੰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ।