Sunday, January 18Malwa News
Shadow

ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ

ਧੂਰੀ, 18 ਜਨਵਰੀ:-ਧੂਰੀ ਹਲਕੇ ਦੇ ਪਿੰਡ ਕੱਕੜਵਾਲ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਭਗ 2.20 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦੇਸ਼ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਵਾਸੀਆਂ ਨੂੰ ਸਾਫ਼, ਸੁਚੱਜਾ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ।

ਪਿੰਡ ਕੱਕੜਵਾਲ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੱਕੜਵਾਲ ਤੋਂ ਕਹੇਰੂ ਨੂੰ ਜੋੜਨ ਵਾਲੀ ਲਗਭਗ 2.20 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 1.23 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ, ਜਿਸ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਆਲੇ-ਦੁਆਲੇ ਦੇ ਪਿੰਡਾਂ ਨਾਲ ਬਿਹਤਰ ਪਹੁੰਚ ਬਣੇਗੀ।

ਸ. ਜਗਜੀਤ ਸਿੰਘ ਨੇ ਦੱਸਿਆ ਪਿੰਡ ਵਿੱਚ 16.50 ਲੱਖ ਰੁਪਏ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਗੰਦੇ ਪਾਣੀ ਦੀ ਸੁਚੱਜੀ ਨਿਕਾਸੀ ਯਕੀਨੀ ਬਣੇਗੀ, ਸਫ਼ਾਈ ਪ੍ਰਬੰਧ ਸੁਧਰਣਗੇ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਵਿੱਚ ਕਮੀ ਆਵੇਗੀ।

ਪਿੰਡ ਦੇ ਸਰਪੰਚ ਸ. ਜਗਜੀਤ ਸਿੰਘ ਨੇ ਦੱਸਿਆ ਕਿ 35 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਪੰਜ ਪਾਰਕ ਤਿਆਰ ਕੀਤੇ ਜਾਣਗੇ, ਜੋ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਲਈ ਮਨੋਰੰਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਗੇ। ਇਸ ਦੇ ਨਾਲ ਹੀ 20 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਆਧੁਨਿਕ ਲਾਇਬਰੇਰੀ ਦਾ ਨਿਰਮਾਣ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੜ੍ਹਾਈ ਅਤੇ ਗਿਆਨ ਵਧਾਉਣ ਲਈ ਸਹੀ ਮਾਹੌਲ ਮਿਲ ਸਕੇ।

ਪਿੰਡ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ 10 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸਥਾਨਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ 15 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਬਣਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।

ਪਿੰਡ ਵਾਸੀਆਂ ਨੇ ਇਨ੍ਹਾਂ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਕੱਕੜਵਾਲ ਦੀ ਸਮੂਹਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਦੀ ਤਸਵੀਰ ਅਤੇ ਤਕਦੀਰ ਦੋਵਾਂ ਬਦਲਣਗੇ।