
ਕੋਟਕਪੂਰਾ, 5 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਸਿੱਖਿਆ ਕਰਾਂਤੀ” ਮੁਹਿੰਮ ਦੇ ਤਹਿਤ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਵਿੱਚ ਵਿਆਪਕ ਪੱਧਰ ‘ਤੇ ਵਿਕਾਸ ਕਾਰਜ ਕੀਤੇ ਗਏ ਹਨ। ਇਹ ਕਾਰਜ ਨਾ ਸਿਰਫ਼ ਸਰਕਾਰੀ ਸਕੂਲਾਂ ਦੀ ਵਧੀਆ ਇਮਾਰਤੀ ਢਾਂਚੇ ਵੱਲ ਧਿਆਨ ਕੇਂਦਰਤ ਕਰਦੇ ਹਨ, ਸਗੋਂ ਸਿੱਖਿਆ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਨੂੰ ਸਮਰਪਿਤ ਮਾਹੌਲ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਵੀ ਇੱਕ ਵੱਡਾ ਕਦਮ ਹਨ। ਇਹ ਜਾਣਕਾਰੀ ਸ. ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿਤੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ “ਸਕੂਲ ਆਫ ਐਮੀਨੈਂਸ” ਜਿਹੇ ਮਾਡਲਾਂ ਰਾਹੀਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ, ਕਾਬਿਲ ਅਧਿਆਪਕਾਂ ਅਤੇ ਨਵੀਂ ਸੋਚ ਦੇ ਨਾਲ ਵਿਕਸਤ ਕੀਤਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਪ੍ਰਾਈਵੇਟ ਸਕੂਲਾਂ ਨੂੰ ਮੁਕਾਬਲਾ ਦੇ ਰਹੇ ਹਨ। ਸਿੱਖਿਆ ਵਿਭਾਗ ਵੱਲੋਂ ਨਵੇਂ ਲੈਬ, ਸਮਾਰਟ ਕਲਾਸਾਂ, ਕਰੀਅਰ ਗਾਈਡੈਂਸ ਸੈੱਲ ਅਤੇ ਵਿਦਿਆਰਥੀ ਕੇਂਦਰਤ ਕਾਰਜਕ੍ਰਮਾਂ ਰਾਹੀਂ ਨਵੇਂ ਆਯਾਮ ਜੋੜੇ ਗਏ ਹਨ। ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਸਵਰਣਮਈ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਰਾਜ ਦਾ ਹਰ ਇੱਕ ਬੱਚਾ ਚੰਗੀ ਸਿੱਖਿਆ ਪ੍ਰਾਪਤ ਕਰੇ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਪੰਜਾਬ ਸਿੱਖਿਆ ਕਰਾਂਤੀ” ਮੁਹਿੰਮ ਤਹਿਤ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਉਨ੍ਹਾਂ ਵੱਲੋਂ ਆਪਣੇ ਹਲਕੇ ਦੇ ਡਾਕਟਰ ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ, ਕੋਟਕਪੂਰਾ ਵਿਖੇ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ 7 ਅਪ੍ਰੈਲ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ।