
ਸ਼ੇਰਪੁਰ, 18 ਮਈ: ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਲਗਭਗ 2.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਪਿੰਡ ਦੀਦਾਰਗੜ ਵਿੱਚ ਕਰੀਬ 70 ਲੱਖ ਰੁਪਏ ਨਾਲ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਵਧੀਆ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਨੂੰ ਮਜ਼ਬੂਤੀ ਮਿਲੇਗੀ।
ਇਸ ਤੋਂ ਇਲਾਵਾ ਕਰੀਬ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕਾਲਾਬੁੱਲਾ ਤੋਂ ਕਾਤਰੋਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕੀਤੀ ਗਈ। ਇਹ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡਾਂ ਦਰਮਿਆਨ ਸੰਪਰਕ ਹੋਰ ਮਜ਼ਬੂਤ ਹੋਵੇਗਾ।
ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸੀ ਕੰਮ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਪੰਚਾਇਤ ਮੈਂਬਰ, ਆਗੂ ਅਤੇ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਸਵਾਗਤ ਕੀਤਾ।