
ਚੰਡੀਗੜ੍ਹ, 8 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸਾਰੀਆਂ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਕਰਨ ਲਈ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ ਕੀਤੀ ਜਾਵੇ। ਅੱਜ ਇਥੇ ਮਿਊਂਸਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆ ਕਰਵਾਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦਾ ਸਾਰਾ ਕੰਮ ਹੀ ਪਾਰਦਰਸ਼ੀ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਕਾਸ ਕਾਰਜ ਸਮੇਂ ਸਿਰ ਪੂਰੇ ਕਰਨ ਅਤੇ ਵਿਕਾਸ ਕਾਰਜਾਂ ਦਾ ਮਿਆਰ ਉੱਚਾ ਚੁੱਕਣ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਠੇਕੇਦਾਰ ਕੰਮਾਂ ਵਿਚ ਅਣਗਹਿਲੀ ਵਰਤਦਾ ਹੈ ਤਾਂ ਉਸ ਬਾਰੇ ਤੁਰੰਤ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇ, ਤਾਂ ਜੋ ਅਜਿਹੇ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਮੰਤਰੀ ਨੇ ਕਿਹਾ ਕਿ ਅਵਾਰਾ ਕੁੱਤਿਆਂ ਵਲੋਂ ਬੱਚਿਆਂ ਅਤੇ ਬਜੁਰਗਾਂ ਨੂੰ ਵੱਢਣ ਦੀਆਂ ਘਟਨਾਵਾਂ ਵੀ ਬਹੁਤ ਹੋ ਰਹੀਆਂ ਹਨ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।