
ਅੰਮ੍ਰਿਤਸਰ, 20 ਜਨਵਰੀ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਜ਼ਿਲਿਆਂ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਰਹੱਦ ਪਾਰ ਤੋਂ ਆ ਰਹੇ ਨਸ਼ੀਲੇ ਪਦਾਰਥਾਂ ਅਤੇ ਹੱਥਿਆਰਾਂ ਬਾਰੇ ਸਥਿਤੀ ਦਾ ਮੁਆਇਨਾ ਕੀਤਾ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਿਤ ਕੋਈ ਵੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਹੈ। ਪੁਲੀਸ ਮੁੱਖੀ ਨੇ ਕਿਹਾ ਕਿ ਫੜੇ ਗਏ ਨਸ਼ਾ ਤਸਕਰਾਂ ਨਾਲ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਢਿੱਲ ਵਰਤਣ ਵਾਲੇ ਪੁਲੀਸ ਅਧਿਕਾਰੀਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।