
ਮਾਨਸਾ, 19 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਨੂੰ ਅਮਨ-ਅਮਾਨ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਅੱਜ ਜ਼ਿਲ੍ਹਾ ਚੋਣ ਅਫਸਰ- ਕਮ – ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸਾਰੀਆਂ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਅਜਿਹੀ ਗਤੀਵਿਧੀ ਨਹੀਂ ਕਰੇਗਾ ਜਿਸ ਨਾਲ ਜਾਤੀਆਂ, ਧਰਮਾਂ ਜਾਂ ਭਾਸ਼ਾਈ ਭਾਈਚਾਰਿਆਂ ਵਿਚਾਲੇ ਨਫਰਤ ਜਾਂ ਤਣਾਅ ਪੈਦਾ ਹੋਵੇ। ਇਸ ਤੋਂ ਇਲਾਵਾ, ਚੋਣ ਪ੍ਰਚਾਰ ਲਈ ਧਾਰਮਿਕ ਥਾਵਾਂ ਜਾਂ ਧਾਰਮਿਕ ਉਪਦੇਸ਼ ਵਾਲੇ ਸਥਾਨਾਂ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਹੋਵੇਗੀ। ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀਆਂ ਚੋਣ ਮੀਟਿੰਗਾਂ ਜਾਂ ਰੈਲੀਆਂ ਵਿੱਚ ਸ਼ਰਾਬ ਜਾਂ ਹੋਰ ਨਸ਼ੀਲੇ ਪਦਾਰਥ ਪਰੋਸਣ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਸਮਰੱਥ ਅਧਿਕਾਰੀ ਦੀ ਅਗੇਤੀ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਜਨਤਕ ਮੀਟਿੰਗ ਨਹੀਂ ਕਰੇਗਾ ਅਤੇ ਨਾ ਹੀ ਕੋਈ ਜਲੂਸ ਕੱਢੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੀ ਗਈ ਖਰਚੇ ਦੀ ਸੀਮਾ ਤੋਂ ਵੱਧ ਪੈਸਾ ਖ਼ਰਚ ਨਹੀਂ ਕਰੇਗਾ। ਹਰੇਕ ਉਮੀਦਵਾਰ ਲਈ ਰੋਜ਼ਾਨਾ ਦੇ ਚੋਣ ਖਰਚੇ ਦਾ ਸਹੀ ਰਿਕਾਰਡ ਰੱਖਣਾ ਲਾਜ਼ਮੀ ਹੋਵੇਗਾ। ਚੋਣ ਨਤੀਜੇ ਘੋਸ਼ਿਤ ਹੋਣ ਦੇ 30 ਦਿਨਾਂ ਦੇ ਅੰਦਰ-ਅੰਦਰ ਚੋਣ ਖਰਚੇ ਦਾ ਪੂਰਾ ਵੇਰਵਾ ਚੋਣ ਦਫ਼ਤਰ ਕੋਲ ਜਮ੍ਹਾਂ ਕਰਵਾਉਣਾ ਕਾਨੂੰਨੀ ਤੌਰ ‘ਤੇ ਜ਼ਰੂਰੀ ਹੈ। ਲਾਊਡ ਸਪੀਕਰ ਵਰਤਣ ਲਈ ਅਧਿਕਾਰਤ ਮਨਜ਼ੂਰੀ ਲਾਜ਼ਮੀ ਹੈ। ਇਹ ਸਿਰਫ ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਵਰਤੇ ਜਾ ਸਕਣਗੇ। ਪੋਲਿੰਗ ਵਾਲੇ ਦਿਨ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਚੋਣ ਪ੍ਰਚਾਰ ਕਰਨ ਜਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਸਖ਼ਤ ਮਨਾਹੀ ਹੋਵੇਗੀ। ਇਸ ਤੋਂ ਇਲਾਵਾ ਚੋਣ ਡਿਊਟੀ ‘ਤੇ ਤਾਇਨਾਤ ਅਤੇ ਹੋਰ ਸਾਰੇ ਸਰਕਾਰੀ ਕਰਮਚਾਰੀ ਚੋਣ ਪ੍ਰਕਿਰਿਆ ਦੌਰਾਨ ਪੂਰੀ ਤਰ੍ਹਾਂ ਨਿਰਪੱਖ ਰਹਿਣਗੇ ਅਤੇ ਕਿਸੇ ਵੀ ਸਿਆਸੀ ਗਤੀਵਿਧੀ ਦਾ ਹਿੱਸਾ ਨਹੀਂ ਬਣਨਗੇ। ਉਨ੍ਹਾਂ ਨੇ ਹੋਰ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਵਿਸਤ੍ਰਿਤ ਜਾਣਕਾਰੀ ਦਿੱਤੀ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਨਵਜੋਤ ਕੌਰ ਨੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਉਹ ਚੋਣਾਂ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਆਪਣੇ ਚੋਣ ਏਜੰਟ, ਪੋਲਿੰਗ ਏਜੰਟ ਅਤੇ ਕਾਊਂਟਿੰਗ ਏਜੰਟ ਲਗਾਉਣ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਉਣ ਤਾਂ ਜੋ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ।
ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰ ਅਤੇ ਰਾਜਨੀਤਿਕ ਪਾਰਟੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਚੋਣ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰਨ। ਇਸ ਮੌਕੇ ਹਾਜ਼ਰ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਚੋਣ ਜਾਬਤੇ ਦੀ ਪਾਲਣਾ ਕਰਨ ਅਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਤੋਂ ਜਾਰੀ ਐਸ.ਆਈ.ਆਰ. ਸ਼ਡਿਊਲ ਦੀ ਕਾਪੀ, ਗਣਨਾ ਫਾਰਮ ਅਤੇ ਹਦਾਇਤਾਂ, ਬੀ.ਐਲ.ਏ-1 ਅਤੇ ਬੀ.ਐਲ.ਏ-2 ਲਗਾਉਣ ਸਬੰਧੀ ਫਾਰਮ ਅਤੇ ਹਦਾਇਤਾਂ ਦੀ ਕਾਪੀ ਸੌਂਪੀ ਗਈ।
ਇਸ ਮੌਕੇ ਆਮ ਆਦਮੀ ਪਾਰਟੀ ਤੋਂ ਭਰਪੂਰ ਸਿੰਘ ਜਰਨਲ ਸਕੱਤਰ ਡਾ. ਵਿੰਗ, ਆਮ ਆਦਮੀ ਪਾਰਟੀ ਤੋਂ ਰਮਨਪ੍ਰੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ, ਬੀ.ਜੇ.ਪੀ. ਤੋਂ ਮਨਦੀਪ ਸਿੰਘ ਹਲਕਾ ਇੰਚਾਰਜ, ਸ਼੍ਰੋਮਣੀ ਅਕਾਲੀ ਦਲ ਤੋਂ ਕੇ ਐੱਸ ਮਠਾੜੂ ਸਪੋਕਸਪਰਸਨ, ਬਹੁਜਨ ਸਮਾਜ ਪਾਰਟੀ ਤੋਂ ਕੁਲਦੀਪ ਸਿੰਘ ਹਲਕਾ ਪ੍ਰਧਾਨ ਅਤੇ ਰੇਖਾ ਰਾਣੀ, ਸੀ.ਪੀ.ਆਈ. (ਐੱਮ) ਸਵਰਨਜੀਤ ਸਿੰਘ ਦਲਿਓ ਜ਼ਿਲ੍ਹਾ ਸਕੱਤਰ, ਕਾਂਗਰਸ ਪਾਰਟੀ ਤੋਂ ਰਣਦੀਪ ਸਿੰਘ ਸਿੱਧੂ ਵਾਇਸ ਪ੍ਰਧਾਨ ਮਾਨਸਾ ਅਤੇ ਚੋਣ ਤਹਿਸੀਲਦਾਰ ਭੂਸ਼ਣ ਕੁਮਾਰ, ਦੀਪਕ ਮੋਹਨ, ਗੁਰਪ੍ਰੀਤ ਸਿੰਘ ਕਲਰਕ ਹਾਜ਼ਰ ਸਨ।