
ਬਰਨਾਲਾ, 20 ਜਨਵਰੀ-ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।
ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਉਨ੍ਹਾਂ ਸਟੇਡੀਅਮ ਵਿਚ ਸਫ਼ਾਈ ਪ੍ਰਬੰਧਾਂ, ਸਟੇਜ ਦੀ ਸਜਾਵਟ, ਚੌਂਕਾਂ ਦੀ ਸਜਾਵਟ, ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਹਾਜ਼ਰੀਨ ਦੇ ਬੈਠਣ ਦੇ ਪ੍ਰਬੰਧ ਸਮੇਤ ਹੋਰ ਤਿਆਰੀਆਂ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਹੋਣਗੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ ਤਾਂ ਜੋ ਸਮਾਗਮ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਸੁਰੱਖਿਆ ਅਤੇ ਪਾਰਕਿੰਗ ਸਬੰਧੀ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਸਕੂਲੀ ਬੱਚਿਆਂ ਲਈ ਪਾਣੀ ਅਤੇ ਚਾਹ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐੱਸ ਐੱਸ ਪੀ ਸਰਫ਼ਰਾਜ਼ ਆਲਮ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਜੀਤ ਪਾਲ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ, ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।