
ਸ੍ਰੀ ਅਨੰਦਪੁਰ ਸਾਹਿਬ, 28 ਜੂਨ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ ਹੇਠ, ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਇੱਕ ਗੈਰਕਾਨੂੰਨੀ ਤੌਰ ‘ਤੇ ਬਣਾਈ ਗਈ ਸੰਪਤੀ ਨੂੰ ਢਾਹੁਣ ਲਈ ਨਗਰ ਕੌਂਸਲ, ਸ੍ਰੀ ਆਨੰਦਪੁਰ ਸਾਹਿਬ ਦੇ ਕਾਰਜਕਾਰੀ ਅਧਿਕਾਰੀ ਨੂੰ ਪੂਰਨ ਸਹਿਯੋਗ ਦਿੱਤਾ ਗਿਆ।
ਇਥੇ ਜਾਣਕਾਰੀ ਦਿੰਦਿਆਂ ਐਸ.ਪੀ. ਸ਼੍ਰੀ ਅਰਵਿੰਦ ਮੀਨਾ ਨੇ ਦੱਸਿਆ ਕਿ ਨਸ਼ਾ ਤਸਕਰ ਅਜਮੇਰ ਸਿੰਘ ਉਰਫ਼ ਸੋਨੀ ਵਿਰੁੱਧ ਸ੍ਰੀ ਆਨੰਦਪੁਰ ਸਾਹਿਬ ਦੇ ਇਲਾਕੇ ਨਾਲ ਸੰਬੰਧਿਤ ਨਸ਼ਾ ਤਸਕਰੀ ਦੀ ਗੈਰ ਕਾਨੂੰਨੀ ਗਤੀਵਿਧੀਆਂ ਦਾ ਲੰਮਾ ਰਿਕਾਰਡ ਹੈ ਅਤੇ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 10 ਮਾਮਲੇ ਦਰਜ ਹਨ। ਕੁੱਲ ਮਿਲਾਕੇ ਅਜਮੇਰ ਸਿੰਘ ਖ਼ਿਲਾਫ਼ 12 ਮਾਮਲੇ ਦਰਜ ਹਨ।
ਉਨ੍ਹਾਂ ਦੱਸਿਆ ਕਿ ਉਸ ਦੀ ਰਿਹਾਇਸ਼ ਨੂੰ ਢਾਹੁਣ ਦੀ ਕਾਰਵਾਈ ਸੰਬੰਧਿਤ ਸਿਵਲ ਅਥਾਰਟੀਆਂ ਵੱਲੋਂ ਸਾਰੀਆਂ ਲਾਜ਼ਮੀ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਕੀਤੀ ਗਈ। ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ, ਲੋਕਾਂ ਦੀ ਸੁਰੱਖਿਆ ਅਤੇ ਕਾਰਵਾਈ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਅੰਜ਼ਾਮ ਦੇਣ ਲਈ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ।
ਉਨ੍ਹਾਂ ਕਿਹਾ ਕਿ ਇਹ ਕਾਰਵਾਈ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਰੋਪੜ ਰੇਂਜ ਅਤੇ ਸੀਨੀਅਰ ਸੁਪਰਿੰਟੈਂਡੈਂਟ ਆਫ ਪੁਲਿਸ, ਰੂਪਨਗਰ ਸ਼੍ਰੀ ਮਨਿੰਦਰ ਸਿੰਘ ਦੀ ਨਿਗਰਾਨੀ ਹੇਠ ਬਿਨਾਂ ਕਿਸੇ ਅਣਚਾਹੀ ਘਟਨਾ ਦੇ ਸੁਚੱਜੇ ਢੰਗ ਨਾਲ ਪੂਰੀ ਕੀਤੀ ਗਈ।
ਸ਼੍ਰੀ ਮੀਨਾ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਸਹਾਰਾ ਦੇਣ ਵਾਲੇ ਗੈਰਕਾਨੂੰਨੀ ਢਾਂਚਿਆਂ ਅਤੇ ਵਿੱਤੀ ਪ੍ਰਣਾਲੀ ਦੇ ਵਿਰੁੱਧ ਕੀਤੀ ਸਖ਼ਤ ਕਾਰਵਾਈ ਹੈ। ਇਸ ਤਰ੍ਹਾਂ ਦੀਆਂ ਸਾਂਝੀਆਂ ਕਾਰਵਾਈਆਂ ਰਾਜ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਅਹਿਮ ਹਿੱਸਾ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੁਲਿਸ ਰੂਪਨਗਰ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਵਿੱਚ ਸਿਵਲ ਪ੍ਰਸ਼ਾਸਨ ਨੂੰ ਪੂਰਾ ਕਾਨੂੰਨੀ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।