Monday, January 19Malwa News
Shadow

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਚੰਡੀਗੜ੍ਹ, 19 ਜਨਵਰੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’, ਜੋ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਰਸਮੀ ਤੌਰ ‘ਤੇ 22 ਤਰੀਕ ਨੂੰ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦੀ ਹੈ।

ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ.ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਹੈਲਥ ਕਾਰਡ ਬਣਾਉਣ ਤੋਂ ਲੈ ਕੇ ਇਲਾਜ ਤੱਕ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਜਾਂ ਏਜੰਸੀ ਨੂੰ ਕਿਸੇ ਵੀ ਪੜਾਅ ‘ਤੇ ਇੱਕ ਰੁਪਿਆ ਵੀ ਵਸੂਲਣ ਦੀ ਇਜਾਜ਼ਤ ਨਹੀਂ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਕੀਮ ਦੀ ਦੁਰਵਰਤੋਂ ਦੀਆਂ ਕੋਸ਼ਿਸ਼ਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਾਰਵਾਈ ਕੀਤੀ ਹੈ। ਮੁਕਤਸਰ ਅਤੇ ਮਾਨਸਾ ਤੋਂ ਸ਼ਿਕਾਇਤਾਂ ਮਿਲੀਆਂ ਸਨ, ਜਿੱਥੇ ਕੁਝ ਵਿਅਕਤੀ ਹੈਲਥ ਕਾਰਡ ਬਣਾਉਣ ਦੇ ਬਦਲੇ ਲੋਕਾਂ ਤੋਂ 50 ਰੁਪਏ ਨਾਜਾਇਜ਼ ਵਸੂਲ ਰਹੇ ਸਨ। ਉਨ੍ਹਾਂ ਕਿਹਾ ਕਿ ਦੋਵਾਂ ਵਿਅਕਤੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੂਥ ਕਲੱਬ ਦੇ ਵਲੰਟੀਅਰ ਟੋਕਨ ਵੰਡਣ ਲਈ ਘਰ-ਘਰ ਜਾਣਗੇ। ਨਾਗਰਿਕਾਂ ਨੂੰ ਆਪਣੇ ਕਾਰਡ ਬਿਲਕੁਲ ਮੁਫ਼ਤ ਬਣਵਾਉਣ ਲਈ ਟੋਕਨ ਦੇ ਨਾਲ ਆਪਣੇ ਆਧਾਰ ਕਾਰਡ ਅਤੇ ਵੋਟਰ ਆਈਡੀ ਸਮੇਤ ਨਿਰਧਾਰਤ ਕੇਂਦਰਾਂ ‘ਤੇ ਜਾਣਾ ਹੋਵੇਗਾ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਭਲਾਈ ਸਕੀਮਾਂ ਦੇ ਨਾਂ ‘ਤੇ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਲੁੱਟ-ਖਸੁੱਟ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਭਰੋਸਾ ਦਿੱਤਾ ਕਿ ਨਾਗਰਿਕਾਂ ਨਾਲ ਧੋਖਾਧੜੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਪਾਰਦਰਸ਼ੀ ਅਤੇ ਲੋਕ-ਪੱਖੀ ਸਿਹਤ ਸੇਵਾਵਾਂ ਲਈ ਵਚਨਬੱਧ ਹੈ। ਇਹ ਸਕੀਮ ਲੋਕਾਂ ਲਈ ਹੈ ਅਤੇ ਇਹ ਸਾਰਿਆਂ ਲਈ ਮੁਫ਼ਤ ਅਤੇ ਪਹੁੰਚਯੋਗ ਰਹੇਗੀ।