Saturday, May 24Malwa News
Shadow

ਸੂਬਾ ਸਰਕਾਰ ਵੱਲੋਂ ਔਰਤਾਂ ਲਈ 13 ਕਰੋੜ ਮੁਫ਼ਤ ਬੱਸ ਯਾਤਰਾਵਾਂ

ਚੰਡੀਗੜ੍ਹ, 3 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ, ਸਸ਼ਕਤ ਤੇ ਮਜਬੂਤ ਬਣਾਉਣ ਵੱਲ ਨਿਰੰਤਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਵਿਧਾ ਲਈ ਮੁਫ਼ਤ ਬੱਸ ਯਾਤਰਾ ਸਕੀਮ ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਸਾਲ 2023-24 ਅਤੇ 2024-25 ਦੌਰਾਨ ਪੰਜਾਬ ਦੀਆਂ ਔਰਤਾਂ ਵੱਲੋਂ 13 ਕਰੋੜ ਮੁਫ਼ਤ ਬੱਸ ਯਾਤਰਾਵਾਂ ਕਰਦਿਆਂ ਇਸ ਯੋਜਨਾ ਦਾ ਲਾਭ ਲਿਆ ਗਿਆ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਔਰਤਾਂ ਨੂੰ ਘਰੋਂ ਬਾਹਰ ਨਿਕਲਣ, ਸਿੱਖਿਆ, ਰੋਜ਼ਗਾਰ, ਸਿਹਤ ਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਆਸਾਨ ਪਹੁੰਚ ਦੇਣ ਵਾਲੀ ਹੈ। ਇਸ ਯੋਜਨਾ ਨੇ ਔਰਤਾਂ ਨੂੰ ਸਿਰਫ਼ ਆਵਾਜਾਈ ਦੀ ਸੁਵਿਧਾ ਹੀ ਨਹੀਂ ਦਿੱਤੀ, ਸਗੋਂ ਉਨ੍ਹਾਂ ਦੀ ਨਿੱਜੀ ਆਜ਼ਾਦੀ, ਸਵੈ-ਮਾਣ ਤੇ ਜੀਵਨ ਦੇ ਹਰ ਖੇਤਰ ਵਿੱਚ ਸਰਗਰਮ ਭਾਗੀਦਾਰੀ ਨੂੰ ਵੀ ਨਵਾਂ ਹੌਸਲਾ ਦਿੱਤਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਹਾਲ ਹੀ ਵਿੱਚ “ਪ੍ਰੋਜੈਕਟ ਹਿਫਾਜ਼ਤ” ਲਾਂਚ ਕੀਤਾ ਗਿਆ ਹੈ, ਜਿਸਦਾ ਮਕਸਦ ਔਰਤਾਂ ਲਈ ਸੁਰੱਖਿਅਤ ਤੇ ਭਰੋਸੇਮੰਦ ਵਾਤਾਵਰਨ ਮੁਹੱਈਆ ਕਰਵਾਉਣਾ ਹੈ। ਇਸਦੇ ਨਾਲ-ਨਾਲ ਕੰਮਕਾਜ ਕਰਨ ਵਾਲੀਆਂ ਔਰਤਾਂ ਨੂੰ ਰਿਹਾਇਸ਼ ਦੀ ਵਧੀਆ ਸੁਵਿਧਾ ਦੇਣ ਲਈ ਪੰਜਾਬ ਭਰ ਵਿੱਚ ਵਰਕਿੰਗ ਵੂਮੈਨ ਹੋਸਟਲ ਬਣਾਏ ਜਾਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ, ਜਿਸ ਨਾਲ ਉਹ ਆਪਣੀ ਨੌਕਰੀ ਅਤੇ ਜੀਵਨ ਨੂੰ ਬਿਨਾਂ ਕਿਸੇ ਚਿੰਤਾ ਦੇ ਬੇਫਿਕਰ ਹੋ ਕੇ ਬਤੀਤ ਕਰ ਸਕਣ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਯਾਤਰਾ ਖਰਚਿਆਂ ਦੀ ਚਿੰਤਾ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਵਧੀਆ ਰੋਜ਼ਗਾਰ ਦੇ ਮੌਕਿਆਂ ਵੱਲ ਉਤਸ਼ਾਹਿਤ ਕਰ ਰਹੀ ਹੈ। ਇਹ ਸਕੀਮ ਇਕ ਸਸ਼ਕਤ ਸਮਾਜ ਦੀ ਨੀਂਹ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਅੰਤ ‘ਚ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਰੰਗਲੇ, ਖੁਸ਼ਹਾਲ ਅਤੇ ਸਮਰੱਥ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਪੂਰੀ ਤਰ੍ਹਾਂ ਵਚਨਬੱਧ ਹੈ।

Basmati Rice Advertisment