
ਹੁਸ਼ਿਆਰਪੁਰ, 25 ਫਰਵਰੀ :- ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀ, ਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਪ੍ਰਾਪਤ ਕੀਤੀ ਹੈ।
ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮੋਗਾ, ਗੁਰਦਾਸਪੁਰ, ਅਜਨਾਲਾ, ਪਠਾਨਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਪ੍ਰਸ਼ਾਸਕੀ ਅਹੁਦਿਆਂ ‘ਤੇ ਕੰਮ ਕਰਕੇ ਵਿਆਪਕ ਤਜਰਬਾ ਹਾਸਲ ਕੀਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡਾ. ਨਿਧੀ ਕੁਮੁਦ ਬੰਬਾਹ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਮੁੱਖ ਤਰਜੀਹ ਯੋਗ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਅਤੇ ਸਮੇਂ ਸਿਰ ਪ੍ਰਦਾਨ ਕਰਨਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਪ੍ਰਸ਼ਾਸਕੀ ਸੇਵਾਵਾਂ ਨੂੰ ਸਰਲ, ਪਹੁੰਚਯੋਗ ਅਤੇ ਜਨਤਾ-ਪੱਖੀ ਬਣਾਇਆ ਜਾਵੇ ਅਤੇ ਆਮ ਨਾਗਰਿਕਾਂ ਨੂੰ ਸਰਕਾਰੀ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਦੇ ਸਟਾਫ਼ ਨਾਲ ਜਾਣ-ਪਛਾਣ ਕੀਤੀ ਅਤੇ ਪੈਂਡਿੰਗ ਮਾਮਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਡਾ. ਨਿਧੀ ਕੁਮੁਦ ਬੰਬਾਹ ਨੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨਾਗਰਿਕਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਹੀ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਜਾ ਸਕਦਾ ਹੈ।