Wednesday, March 19Malwa News
Shadow

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ  ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਕੀਤੀ ਉੱਚ ਪੱਧਰੀ ਮੀਟਿੰਗ ਮੌਕੇ ਕੀਤਾ।

ਮਿਉਂਸੀਪਲ ਭਵਨ ਵਿਖੇ ਹੋਈ ਇਸ ਮੀਟਿੰਗ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਅਤੇ ਹਲਕਾ ਵਿਧਾਇਕ ਲੁਧਿਆਣਾ (ਪੱਛਮੀ) ਗੁਰਪ੍ਰੀਤ ਗੋਗੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

ਰੀਵੀਊ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਮੀਟਿੰਗ ਵਿੱਚ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੁੱਢਾ ਦਰਿਆ  ਨੂੰ ਸਾਫ ਸੁਥਰਾ ਰੱਖਣ ਅਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਵੱਖ-ਵੱਖ ਪਹਿਲੂਆਂ ਤੇ ਵਿਸਤ੍ਰਿਤ ਚਰਚਾ ਕੀਤੀ ਗਈ

ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ “ਰੰਗਲਾਂ ਪੰਜਾਬ” ਬਣਾਉਣਾ ਦਾ ਹੈ। ਇਸ ਲਈ ਉਨ੍ਹਾਂ ਨੇ ਮੀਟਿੰਗ ਵਿੱਚ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਕਰਨ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਬੁੱਢਾ ਦਰਿਆ ਨੂੰ ਦੁਸ਼ਿਤ ਕਰਨ ਵਾਲੇ ਸਰੋਤਾ ਦੀ ਜਾਂਚ ਕਰਨ ਅਤੇ ਇਸ ਦੇ ਹੱਲ ਲਈ ਢੁੱਕਵੀਂ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ, ਪੀ ਐਮ ਆਈ ਡੀ ਸੀ ਦੇ ਸੀ.ਈ.ਓ ਦੀਪਤੀ ਉੱਪਲ ਨਗਰ ਨਿਗਮ ਕਮਿਸ਼ਨਰ ਲੁਧਿਆਣਾ, ਮੁੱਖ ਕਾਰਜ਼ਕਾਰੀ ਅਫਸਰ, ਪੰਜਾਬ ਊਰਜਾ ਵਿਕਾਸ ਏਜੰਸੀ, ਮੁੱਖ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ, ਮੁੱਖ ਇੰਜੀਨੀਅਰ ਡਰੇਨੇਜ ਵਿਭਾਗ ਲੁਧਿਆਣਾ, ਮੁੱਖ ਇੰਜੀਨੀਅਰ ਭੂਮੀ ਅਤੇ ਜਲ ਸੰਭਾਲ ਵਿਭਾਗ ਲੁਧਿਆਣਾ, ਸੁਪਰਡੰਟ ਇੰਜੀਨੀਅਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਲੁਧਿਆਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Basmati Rice Advertisment