Saturday, June 14Malwa News
Shadow

ਸਰਕਾਰ ਨੇ ਦਿੱਤੀਆਂ 85 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ

ਅੰਮ੍ਰਿਤਸਰ, 7 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਧੜਾਧੜ ਦਿੱਤੀਆਂ ਜਾ ਰਹੀਆਂ ਨੌਕਰੀਆਂ ਦੇ ਸਿਲਸਲੇ ਵਿਚ ਅੱਜ ਨਗਰ ਨਿਗਮ ਦਫਤਰ ਅੰਮ੍ਰਿਤਸਰ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ 85 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸਰਕਾਰੀ ਨੌਕਰੀਆਂ ਦੇਣ ਦੀ ਗਿਣਤੀ 51000 ਹੋ ਚੁੱਕੀ ਹੈ।
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਦੇ ਆਰਥਿਕ ਵਿਕਾਸ ਲਈ ਯਤਨ ਸ਼ੁਰੂ ਕੀਤੇ ਗਏ ਹਨ। ਇਸ ਲਈ ਆਸ ਕੀਤੀ ਜਾਂਦੀ ਹੈ ਕਿ ਨਵੇਂ ਨਿਯੁਕਤ ਹੋਏ ਸਾਰੇ ਹੀ ਨੌਜਵਾਨ ਸਰਕਾਰ ਦੇ ਇਨ੍ਹਾਂ ਯਤਨਾਂ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਜੀਵਨ ਵਿਚ ਸਫਲ ਹੋਣ ਲਈ ਹਮੇਸ਼ਾਂ ਹੀ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਅਤੇ ਬਿਨਾਂ ਕਿਸੇ ਸਿਫਾਰਿਸ਼ ਤੋਂ ਬਹੁਤ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਮੰਤਰੀ ਨੇ 19 ਕਾਰਜ ਸਾਧਕ ਅਫਸਰਾਂ, 18 ਡਰਾਈਵਰ ਕਮ ਉਪਰੇਟਰਾਂ ਅਤੇ 48 ਸਫਾਈ ਸੇਵਕਾਂ, ਸੇਵਾਦਾਰਾਂ ਅਤੇ ਬੇਲਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਨਵੇਂ ਨਿਯੁਕਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਜੋਰ ਦੇ ਕੇ ਕਿਹਾ ਕਿ ਪੂਰੀ ਲਗਨ ਅਤੇ ਮਿਹਨਤ ਨਾਲ ਲੋਕਾਂ ਦੀ ਸੇਵਾ ਕੀਤੀ ਜਾਵੇ।

Basmati Rice Advertisment