
ਚੰਡੀਗੜ੍ਹ 1 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ 2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਚਲਾਏ ਗਏ 15 ਵੱਡੇ ਨਹਿਰੀ ਪ੍ਰੋਜੈਕਟਾਂ ਦਾ ਕੰਮ ਪੂਰੀ ਤੇਜੀ ਨਾਲ ਚੱਲ ਰਿਹਾ ਹੈ। ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਪੰਜਾਬ ਦੇ 1706 ਪਿੰਡਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਇਆ ਜਾ ਸਕੇਗਾ। ਇਹ ਸਾਰੇ ਪ੍ਰੋਜੈਕਟ ਇਸ ਸਾਲ ਦੇ ਅੰਤ ਤੱਕ ਮੁਕੰਮਲ ਹੋ ਜਾਣਗੇ। ਇਨ੍ਹਾਂ ਪ੍ਰੋਜੈਕਟਾਂ ਨਾਲ 25 ਲੱਖ ਆਬਾਦੀ ਵਾਲੇ ਚਾਰ ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।