
ਖੇਮਕਰਨ/ਤਰਨ ਤਾਰਨ, 19 ਜਨਵਰੀ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਵਿੱਚ ਵਿਧਾਇਕ ਸ. ਸਰਵਨ ਸਿੰਘ ਧੁੰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਖੇਮਕਰਨ ਦੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਜਗਇੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਭਾਈ ਲਾਧੋ, ਬੂਆ ਪੱਤੀ, ਘੁਰਕਵਿੰਡ, ਮਾਣਕਪੁਰ, ਮਾੜੀ ਮੇਘਾ, ਮਾੜੀ ਮੇਘਾ ਖੁਰਦ, ਮੁਗਲ ਚੱਕ, ਨਾਰਲੀ, ਧੋਲਾਂ, ਘਰਿਆਲੀ ਉਰਾਰੀਆਂਵਾਲੀ, ਮਾਛੀਕੇ ਅਤੇ ਭੈਣੀ ਗੁਰਮੁੱਖ ਸਿੰਘ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਨਸ਼ਿਆਂ ਦੀ ਰੋਕਥਾਮ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਪਰੰਤ ਸਾਰੇ ਪਿੰਡਾਂ ਵਿੱਚ ਪੈਦਲ ਜਾਗਰੂਕਤਾ ਰੈਲੀਆਂ ਕੱਢ ਕੇ ਨਸ਼ਿਆਂ ਖਿਲਾਫ਼ ਹੋਕਾ ਦਿੱਤਾ ਗਿਆ। ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਖੇਮਕਰਨ ਦੇ ਕੋਆਰਡੀਨੇਟਰ ਜਗਇੰਦਰ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਜੋ ਤਹੱਈਆ ਕੀਤਾ ਗਿਆ ਹੈ ਉਸ ਨੂੰ ਅਵਾਮ ਦੇ ਸਹਿਯੋਗ ਨਾਲ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦੇ ਪਹਿਲੇ ਪੜਾਅ ਦੌਰਾਨ ਨਸ਼ਾ ਤਸਕਰਾਂ ਉੱਪਰ ਵੱਡੀ ਕਾਰਵਾਈ ਕੀਤੀ ਗਈ ਹੈ ਅਤੇ ਦੂਜੇ ਪੜਾਅ ਤਹਿਤ ਨਸ਼ੇ ਦੀਆਂ ਜੜ੍ਹਾਂ ਨੂੰ ਪੁੱਟ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਮੋਹਰੀ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੁਹਿੰਮ ਤਹਿਤ ਇਹ ਜਾਗਰੂਕਤਾ ਲਹਿਰ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ।