
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਦੋਸ਼ਾਂ ਵਿਚ ਸ਼ਾਮਲ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲੀਸ ਵਲੋਂ ਨਸ਼ਾ ਤਸਕਰੀ ਦੇ ਦੋਸ਼ਾ ਅਧੀਨ ਇੰਸਪੈਕਟਰ ਤੇ ਕੰਡਕਟਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਰੋਡਵੇਜ਼ ਜਲੰਧਰ 2 ਦੇ ਇੰਸਪੈਕਟਰ ਕੀਰਤ ਸਿੰਘ ਅਤੇ ਕੰਡਕਟਰ ਦੀਪਕ ਸ਼ਰਮਾਂ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਦੇ ਨਾਲ ਫੜ੍ਹੇ ਗਏ ਤੀਜੇ ਵਿਅਕਤੀ ਅਜੀਤ ਸਿੰਘ ਰਾਜੂ ਦਾ ਟਰਾਂਸਪੋਰਟ ਵਿਭਾਗ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਲਈ ਨਸ਼ੇ ਦੇ ਮਾਮਲੇ ਵਿਚ ਕਿਸੇ ਵੀ ਵਿਅਕਤੀ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ।