ਲੁਧਿਆਣਾ, 6 ਦਸੰਬਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਵਿਖੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਦਾ ਨੀਂਹ ਪੱਥਰ ਰੱਖਿਆ ਜਿਸ ‘ਤੇ 17 ਕਰੋੜ ਰੁਪਏ ਦਾ ਖਰਚ ਆਵੇਗਾ। ਇਸ ਮੌਕੇ ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਅਧੁਨਿਕ ਸਿੱਖਿਆ ਸਹੂਲਤਾਂ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ, ਜਿਸ ਨਾਲ ਸਾਡੀ ਨਵੀਂ ਪੀੜ੍ਹੀ ਨੂੰ ਕਾਨਵੈਂਟ ਸਕੂਲਾਂ ਤੋਂ ਵੀ ਉੱਚੀ ਵਿਦਿਆ ਮੁਹਈਆ ਕਰਵਾਈ ਜਾ ਸਕੇਗੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਗਲੇ ਮਹੀਨਿਆਂ ਦੌਰਾਨ ਹੋਰ ਪੰਜ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦਾ ਢਾਂਚਾ ਹੀ ਇੰਨਾ ਅਧੁਨਿਕ ਬਣਾ ਦਿੱਤਾ ਜਾਵੇਗਾ, ਕਿ ਲੋਕਾਂ ਨੂੰ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਵਿਚ ਨਹੀਂ ਭੇਜਣੇ ਪੈਣਗੇ।
ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜਰ ਸਨ।