Wednesday, February 19Malwa News
Shadow

ਹੁਣ 36 ਪ੍ਰਿੰਸੀਪਲ ਸਿਖਲਾਈ ਲਈ ਜਾਣਗੇ ਸਿੰਘਾਪੁਰ : ਬੈਂਸ

ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ ਦਿਨਾਂ ਦੀ ਟਰੇਨਿੰਗ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਟਰੇਨਿੰਗ ਪ੍ਰਾਪਤ ਕਰ ਚੁੱਕੇ ਹਨ। ਇਸ ਪ੍ਰੋਗਰਾਮ ਤਹਿਤ ਹੁਣ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਇਸ ਸਾਲ ਮਾਰਚ ਵਿੱਚ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ‘ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟਰੇਨਿੰਗ ਪ੍ਰਦਾਨ ਕਰਨ ਲਈ ਸਟੇਟ ਕਾਉਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵਿੱਚ ਇੱਕ “ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.)” ਸਥਾਪਤ ਕੀਤਾ ਗਿਆ ਹੈ।
ਇਸ ਟਰੇਨਿੰਗ ਲਈ ਯੋਗਤਾ ਮਾਪਦੰਡ ਸਾਂਝੇ ਕਰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਉਮਰ 31 ਜਨਵਰੀ 2025 ਤੱਕ 53 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਉਸ ਕੋਲ ਘੱਟੋ-ਘੱਟ ਸਤੰਬਰ 2025 ਤੱਕ ਵੈਧ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਖਿਲਾਫ ਕੋਈ ਚਾਰਜਸ਼ੀਟ, ਜਾਂਚ ਜਾਂ ਅਪਰਾਧਿਕ ਕੇਸ ਲੰਬਿਤ ਨਹੀਂ ਹੋਣਾ ਚਾਹੀਦਾ। ਇਨ੍ਹਾਂ ਮੁੱਢਲੀਆਂ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਸਾਰੇ ਉਮੀਦਵਾਰ ਅਗਲੇ ਪੜਾਅ ਵਿੱਚ ਸ਼ਾਮਲ ਹੋਣਗੇ, ਜਿੱਥੇ ਉਨ੍ਹਾਂ ਦੀ ਚੋਣ ਪ੍ਰਕਿਰਿਆ ਮੈਰਿਟ ਦੇ ਆਧਾਰ ‘ਤੇ ਹੋਵੇਗੀ, ਜੋ ਕਿ ਵਿਦਿਅਕ ਯੋਗਤਾ, ਤਜਰਬੇ, ਏ.ਸੀ.ਆਰ. ਅਤੇ ਇਨਾਮਾਂ ਦੇ ਆਧਾਰ ‘ਤੇ ਤੈਅ ਕੀਤੀ ਜਾਵੇਗੀ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਲਈ ਸਿੰਗਾਪੁਰ ਦਾ ਇਹ ਦੌਰਾ ਉਨ੍ਹਾਂ ਨੂੰ ਇੱਕ ਵਿਆਪਕ ਟਰੇਨਿੰਗ ਤਜਰਬਾ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ, ਜੋ ਉਨ੍ਹਾਂ ਦੀ ਲੀਡਰਸ਼ਿਪ ਸਮਰੱਥਾ ਅਤੇ ਵਿਦਿਅਕ ਹੁਨਰਾਂ ਨੂੰ ਵਿਕਸਿਤ ਕਰਨ ‘ਤੇ ਕੇਂਦਰਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸਿੰਗਾਪੁਰ ਵਿੱਚ ਰਹਿਣ ਦੌਰਾਨ, ਉਹ ਵੱਖ-ਵੱਖ ਵਰਕਸ਼ਾਪਾਂ, ਸੈਮੀਨਾਰਾਂ ਅਤੇ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ, ਜੋ ਉਨ੍ਹਾਂ ਨੂੰ ਸਿੰਗਾਪੁਰ ਦੇ ਸਕੂਲਾਂ ਵਿੱਚ ਅਪਣਾਈਆਂ ਜਾ ਰਹੀਆਂ ਉੱਨਤ ਸਿੱਖਿਆ ਤਕਨੀਕਾਂ ਅਤੇ ਵਿਦਿਅਕ ਪ੍ਰਥਾਵਾਂ ਦੀ ਜਾਣਕਾਰੀ ਪ੍ਰਦਾਨ ਕਰਨਗੇ।
ਸ. ਬੈਂਸ ਨੇ ਕਿਹਾ ਕਿ ਇਹ ਦੌਰਾ ਪ੍ਰਿੰਸੀਪਲਾਂ ਨੂੰ ਲਗਾਤਾਰ ਸਿੱਖਣ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਪ੍ਰੇਰਿਤ ਕਰੇਗਾ, ਜਿਸ ਨਾਲ ਉਹ ਆਪਣੇ ਸਕੂਲਾਂ ਵਿੱਚ ਨਵੀਨਤਾਕਾਰੀ ਸਿੱਖਿਆ ਵਿਧੀਆਂ ਅਤੇ ਰਣਨੀਤੀਆਂ ਨੂੰ ਲਾਗੂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਆਪਣੇ ਤਜਰਬਿਆਂ ਅਤੇ ਵਿਚਾਰਾਂ ਨੂੰ ਸਾਂਝਾ ਕਰਕੇ ਉਹ ਸੂਬੇ ਦੇ ਸਕੂਲਾਂ ਵਿੱਚ ਇੱਕ ਸਹਿਯੋਗੀ ਸਿੱਖਿਆ ਵਾਤਾਵਰਣ ਦੇ ਨਿਰਮਾਣ ਵਿੱਚ ਯੋਗਦਾਨ ਪਾਉਣਗੇ

Basmati Rice Advertisment