ਮੋਹਾਲੀ, 4 ਦਸੰਬਰ : ਏਅਰਪੋਰਟ ਰੋਡ ਮੋਹਾਲੀ ਵਿਖੇ ਪੰਜਾਬ ਸਰਕਾਰ ਵਲੋਂ ਬਣਾੲੈ ਗਏ ‘ਨਿਸ਼ਾਨ ਏ ਇਨਕਲਾਬ’ ਪਲਾਜਾ਼ ਵਿਚ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲਗਾਇਆ ਗਿਆ ਹੈ। ਇਹ ਪਲਾਜ਼ਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਫਸਲਸਫੇ ‘ਤੇ ਚੱਲ ਕੇ ਨੌਜਵਾਨ ਦੇਸ਼ ਦੀ ਨਿਰਸਵਾਰਥ ਸੇਵਾ ਕਰ ਸਕਦੇ ਹਨ। ਇਸ ਲਈ ਏਅਰਪੋਰਟ ‘ਤੇ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ 30 ਫੁੱਟ ਉੱਚੇ ਬੁੱਤ ਨਾਲ ਸਾਡੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦੀ ਪ੍ਰੇਰਨਾ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੂੰ ਕੇਵਲ 23 ਮਾਰਚ ਨੂੰ ਸ਼ਹੀਦੀ ਦਿਵਸ ਵਾਲੇ ਦਿਨ ਹੀ ਨਹੀਂ ਯਾਦ ਕੀਤਾ ਜਾਣਾ ਚਾਹੀਦਾ, ਸਗੋਂ ਰੋਜ਼ਾਨਾ ਜ਼ਿੰਦਗੀ ਵਿਚ ਸ਼ਹੀਦਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਸਰਕਾਰ ਵੱਲੋਂ ਬਣਾਇਆ ਗਿਆ ‘ਨਿਸ਼ਾਨ ਏ ਇਨਕਲਾਬ’ ਪਲਾਜ਼ੇ ਦੇ ਮਕਸਦ ਵੀ ਲੋਕਾਂ ਨੂੰ ਸ਼ਹੀਦਾਂ ਦੀ ਸੋਚ ਨਾਲ ਜੋੜਨਾ ਹੀ ਹੈ। ਇਹ ਪਲਾਜ਼ਾ ਲੋਕਾਂ ਨੂੰ ਹਮੇਸ਼ਾਂ ਦੇਸ਼ ਦੀ ਸੇਵਾ ਲਈ ਪ੍ਰੇਰਨਾ ਦਿੰਦਾ ਰਹੇਗਾ। ਇਸ ਤੋਂ ਇਲਾਵਾ ਇਹ ਪਲਾਜ਼ਾ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਜਾਣੂ ਕਰਵਾਏਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਮੋਹਾਲੀ ਦੇ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਲਈ ਸਰਕਾਰ ਵਲੋਂ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਇਸ ਲਈ ਸਰਕਾਰ ਦੇ ਇਨ੍ਹਾਂ ਯਤਨਾਂ ਨੂੰ ਬੂਰ ਪਿਆ ਅਤੇ ਇਸ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ। ਉਨ੍ਹਾਂ ਨੇ ਕਿਹਾ ਕਿ ਸਾਡੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਜਨਤਕ ਸੰਸਥਾਵਾਂ ਦੇ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਣ ਨਾਲ ਸਾਡੀ ਕੀਮਤੀ ਵਿਰਾਸਤ ਸਾਂਭੀ ਜਾ ਸਕੇਗੀ।
ਭਗਵੰਤ ਸਿੰਘ ਮਾਨ ਨੇ ਅਫਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ 70 ਸਾਲ ਤੋਂ ਸ਼ਹੀਦਾਂ ਨੂੰ ਬਿੱਲਕੁੱਲ ਨਜ਼ਰ ਅੰਦਾਜ਼ ਕਰੀ ਰੱਖਿਅ। ਇਸੇ ਲਈ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਟੀਚਾ ਹੀ ਇਹੀ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ਤੋਂ ਜਾਣੂ ਕਰਵਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਅਜੇ ਵੀ ਸ਼ਹੀਦਾਂ ਦੇ ਸੁਪਨੇ ਅਧੂਰੇ ਹਨ, ਜਿਨ੍ਹਾਂ ਨੂੰ ਪੂਰੇ ਕਰਨਾ ਸਾਡਾ ਮੁਢਲਾ ਫਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਅਜੇ ਵੀ ਭਰਿਸ਼ਟਾਚਾਰ, ਭਾਈ ਭਤੀਜਾਵਾਦਾ ਅਤੇ ਗਰੀਬੀ ਵਰਗੀਆਂ ਬੁਰਾਈਆਂ ਨੂੰ ਦੂਰ ਕਰਨਾ ਅਜੇ ਬਾਕੀ ਹੈ। ਇਨ੍ਹਾਂ ਬੁਰਾਈਆਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ। ਇਸ ਕੰਮ ਵਿਚ ਪੰਜਾਬ ਦੇ ਲੋਕਾਂ ਦਾ ਵੀ ਪੂਰਾ ਸਾਥ ਚਾਹੀਦਾ ਹੈ।