Thursday, November 19Malwa News
Shadow

ਸਰਕਾਰੀ ਕਾਲਜ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਈ.ਐਲ.ਸੀ. ਕਲੱਬਾਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਰੂਪਨਗਰ, 18 ਨਵੰਬਰ:

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਕਾਲਜ, ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਈ.ਐਲ.ਸੀ. (ਇਲੈਕਟੋਰਲ ਲਿਟਰੇਸੀ ਕਲੱਬ) ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਵਿੱਚੋਂ ਜੇਤੂ ਰਹੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਕੁੱਲ 15 ਟੀਮਾਂ ਨੇ ਭਾਗ ਲਿਆ, ਜਦਕਿ ਲੇਖ ਮੁਕਾਬਲੇ ਵਿੱਚ 42 ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਪ੍ਰਸ਼ਨੋਤਰੀ ਮੁਕਾਬਲੇ ਵਿੱਚ ਜਗਦੀਪ ਸਿੰਘ ਅਤੇ ਪਰਮਵੀਰ ਸਿੰਘ, ਐਸ.ਓ.ਈ., ਮੋਰਿੰਡਾ ਦੀ ਟੀਮ ਨੇ ਪਹਿਲਾ ਸਥਾਨ, ਯੁਵਰਾਜ ਸਿੰਘ ਅਤੇ ਦਿਲਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਕੜੌਨਾ ਕਲਾਂ ਦੀ ਟੀਮ ਨੇ ਦੂਜਾ ਸਥਾਨ ਅਤੇ ਹਿਮਾਂਸ਼ ਕੁਮਾਰ ਹੰਸ ਅਤੇ ਅਜੇ ਕੁਮਾਰ, ਐਸ.ਓ.ਈ., ਨੰਗਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਲੇਖ ਮੁਕਾਬਲੇ ਵਿੱਚ ਆਸਿਫ, ਐਸ.ਓ.ਈ., ਮੋਰਿੰਡਾ ਨੇ ਪਹਿਲਾ ਸਥਾਨ, ਹਰਸ਼ਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਕੜੌਨਾ ਕਲਾਂ ਨੇ ਦੂਜਾ ਸਥਾਨ ਅਤੇ ਚੰਦਨਾ ਸ਼ਰਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੂਰਪੁਰ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ।

ਇਨ੍ਹਾਂ ਮੁਕਾਬਲਿਆਂ ਵਿੱਚ ਜੱਜਾਂ ਵਜੋਂ ਸ੍ਰੀ ਰਬਿੰਦਰ ਸਿੰਘ ਰੱਬੀ, ਸ੍ਰੀ ਅਮਰਜੀਤ ਸਿੰਘ, ਸ੍ਰੀ ਰਵਿੰਦਰ ਸਿੰਘ, ਸ੍ਰੀਮਤੀ ਪੂਨਮ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਨੇ ਆਪਣੀ ਭੂਮਿਕਾ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਰੂਪਨਗਰ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਸਮੁੱਚਾ ਪ੍ਰੋਗਰਾਮ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਉਪ ਮੰਡਲ ਮੈਜਿਸਟਰੇਟ, ਮੋਰਿੰਡਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਪਲਵਿੰਦਰ ਸਿੰਘ, ਤਹਿਸੀਲਦਾਰ ਚੋਣ, ਰੂਪਨਗਰ, ਸ੍ਰੀ ਸੰਦੀਪ ਭੱਟ, ਸਵੀਪ ਸਹਾਇਕ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਰੂਪਨਗਰ, ਸਹਾਇਕ ਪ੍ਰੋਫੈਸਰ ਸ੍ਰੀ ਸੁਰਿੰਦਰ ਕੁਮਾਰ ਅਤੇ ਸ੍ਰੀ ਗਗਨਦੀਪ ਸਿੰਘ, ਸਹਾਇਕ ਸਵੀਪ ਅਫ਼ਸਰ ਵੀ ਹਾਜ਼ਰ ਸਨ।

ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਚੋਣ ਪ੍ਰਕਿਰਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।