
ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਜਲਦੀ ਹੀ 3381 ਐਲੀਮੈਂਟਰੀ ਅਧਿਆਪਕਾਂ ਨੂੰ ਪੱਕੀ ਭਰਤੀ ਦੇ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜਲਦੀ ਹੀ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣ।
ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਕਰ ਲਈ ਗਈ ਹੈ। ਇਹ ਭਰਤੀ ਪ੍ਰਕਿਰਿਆ ਦੋ ਹਿੱਸਿਆਂ ਵਿਚ ਮੁਕੰਮਲ ਕੀਤੀ ਜਾਵੇਗੀ। ਪਹਿਲੇ ਬੈਚ ਵਿਚ 951 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਅਤੇ 2430 ਅਧਿਆਪਕਾਂ ਨੂੰ ਦੂਜੇ ਬੈਚ ਵਿਚ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਸਰਕਾਰ ਹੈ ਜਿਸ ਨੇ ਸੱਤਾ ਸੰਭਾਲਨ ਪਿਛੋਂ 35 ਮਹੀਨਿਆਂ ਵਿਚ ਹੀ ਰਿਕਾਰਡ 50892 ਸਰਕਾਰੀ ਨੌਕਰੀਆਂ ਦੇ ਦਿੱਤੀਆਂ ਹਨ। ਇਨ੍ਹਾਂ ਵਿਚੋਂ ਗਿਆਰਾਂ ਹਜਾਰ ਤੋਂ ਵੱਧ ਨੌਕਰੀਆਂ ਕੇਵਲ ਸਿੱਖਿਆ ਵਿਭਾਗ ਵਿਚ ਹੀ ਦਿੱਤੀਆਂ ਗਈਆਂ ਹਨ। ਇਸ ਸਪਸ਼ਟ ਉਦਾਹਰਨ ਹੈ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਬਹੁਤ ਵੱਡੇ ਮਾਣ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਭੇਦਭਾਵ ਅਤੇ ਬਿਨਾਂ ਕਿਸੇ ਸਿਫਾਰਿਸ਼ ਤੋਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦਾ ਬੁਨਿਆਦੀ ਢਾਂਚਾ ਮਜਬੂਤ ਕਰਨਾ ਸਰਕਾਰ ਦੀ ਤਰਜੀਹ ਹੈ।