
ਚੰਡੀਗੜ੍ਹ, 8 ਫਰਵਰੀ : ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਜਾ ਰਹੀਆਂ ਭਲਾਈ ਯੋਜਨਾਵਾਂ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਂਦੀ ਐਕਸ ਗ੍ਰੇਸ਼ੀਆ ਗਰਾਂਟ ਦੀ ਰਾਸ਼ੀ ਦੁੱਗਣੀ ਕਰਕੇ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਂਦੀ ਸੀ। ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਯਤਨਾਂ ਅਧੀਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੀ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਰਾਸ਼ੀ ਦਾ ਲਾਭ ਮਿਲ ਵੀ ਚੁੱਕਾ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਦੀ ਲਈ ਦੱਤੀ ਜਾਂਦੀ ਐਕਸ ਗ੍ਰੇਸ਼ੀਆ ਗਰਾਂਟ ਦੀ ਰਾਸ਼ੀ 10 ਲੱਖ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸੈਨਿਕਾਂ ਲਈ ਸਾਡਾ ਹਮੇਸ਼ਾਂ ਸਿਰ ਝੁਕਦਾ ਰਹੇਗਾ।