
ਚੰਡੀਗੜ੍ਹ, 14 ਫਰਵਰੀ : ਕਿਸਾਨੀ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਇਕ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਪੰਜਾਬ ਸਰਾਕਰ ਨੇ ਕੜੀ ਦਾ ਕੰਮ ਕੀਤਾ।
ਮੈਗਸੀਪਾ ਵਿਖੇ ਹੋਈ ਮੀਟਿੰਗ ਵਿਚ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਯੁਕਤ ਕਿਸਾਨ ਮੋਰਚਾ (ਐਸ ਕੇ ਐਮ ਗੈਰਸਿਆਸੀ) ਅਤੇ ਕਿਸਾਨ ਮਜਦੂਰ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ, ਸਰਵਣ ਸਿੰਘ ਪੰਧੇਰ ਅਤੇ ਹੋਰ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਭ ਤੋਂ ਪਹਿਲਾਂ ਪਿਛਲੇ 81 ਦਿਨਾਂ ਤੋਂ ਭੁੱਖ ਹੜਤਾਲ ‘ਤੇ ਚੱਲ ਰਹੇ ਜਗਜੀਤ ਸਿੰਘ ਡੱਲੇਵਾਲਾ ਦਾ ਹਾਲਚਾਲ ਪੁੱਛਿਆ ਅਤੇ ਸ੍ਰ ਡੱਲੇਵਾਲਾ ਦੀ ਭੈਣ ਦੀ ਪੋਤਰੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਇਸੇ ਤਰਾਂ ਕਿਸਾਨ ਅੰਦੋਲਨ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਕਿਸਾਨ ਦੀ ਮੌਤ ‘ਤੇ ਵੀ ਦੁੱਖ ਪ੍ਰਗਟ ਕੀਤਾ। ਇਸ ਮੌਕੇ ਸ੍ਰੀ ਖੁਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੀ ਖੁਸ਼ਹਾਲੀ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਜਾਇਜ ਮੰਗਾਂ ਮੰਨੀਆਂ ਜਾਣ ਤਾਂ ਜੋ ਕਿਸਾਨ ਅੰਦੋਲਨ ਸਮਾਪਤ ਹੋ ਸਕੇ।
ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਜੋਸ਼ੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੇ ਸਾਰੇ ਮਸਲੇ ਹੱਲ ਕਰਨ ਲਈ ਗੱਲਬਾਤ ਜਾਰੀ ਰਹੇਗੀ। ਉਨ੍ਹਾਂ ਨੇ ਪਿਛਲੀ ਝੋਨੇ ਦੀ ਫਸਲ ਦੀ ਖਰੀਦ ਦੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਕਣਕ ਦੀ ਖਰੀਦ ਲਈ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲਾ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ ਖਤਮ ਕਰ ਦੇਣ।
ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਜਦੋਂ ਤੱਕ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਨਹੀਂ ਦਿੱਤੀ ਜਾਂਦੀ ਹੈ ਅਤੇ ਕਿਸਾਨਾਂ ਦੀਆਂ ਬਾਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ, ਪਰ ਉਹ ਡਾਕਟਰੀ ਸਹਾਇਤਾ ਲੈਂਦੇ ਰਹਣਿਗੇ। ਇਸ ਮੀਟਿੰਗ ਵਿਚ ਸਾਰੇ ਮਸਲੇ ਵਿਚਾਰਨ ਤੋਂ ਬਾਅਦ ਅਗਲੀ ਮੀਟਿੰਗ 22 ਫਰਵਰੀ ਨੂੰ ਨਿਸ਼ਚਤ ਕੀਤੀ ਗਈ, ਜਿਸ ਵਿਚ ਮੁੜ ਤੋਂ ਸਾਰੇ ਕਿਸਾਨ ਆਗੂ ਅਤੇ ਸਰਕਾਰੀ ਅਧਿਕਾਰੀ ਸ਼ਾਮਲ ਹੋਣਗੇ।
