
ਚੰਡੀਗੜ੍ਹ, 28 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰਬੀ ਖਰੀਦ ਸੀਜ਼ਨ ਸਾਲ 2026-27 ਦੌਰਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ।
ਮੁੱਖ ਮੰਤਰੀ ਅੱਜ ਚੰਡੀਗੜ੍ਹ ਵਿੱਚ ਖੁਰਾਕ ਵਿਭਾਗ ਅਤੇ ਫ਼ਸਲ ਖਰੀਦ ਨਾਲ ਜੁੜੀਆਂ ਹੋਰ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਰਬੀ ਖਰੀਦ ਸੀਜ਼ਨ ਦੌਰਾਨ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ।
ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਰਬੀ ਦੌਰਾਨ ਰਾਜ ਦੀਆਂ ਮੰਡੀਆਂ ਵਿੱਚ ਆਉਣ ਵਾਲੇ ਅਨਾਜ ਦੀ ਖਰੀਦ ਭਾਰਤ ਸਰਕਾਰ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੀਤੀ ਜਾਵੇਗੀ। ਆਉਂਦੀ 1 ਅਪ੍ਰੈਲ, 2026 ਤੋਂ ਕਣਕ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਇਸ ਰਬੀ ਖਰੀਦ ਸੀਜ਼ਨ ਲਈ 72 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਸਰ੍ਹੋਂ ਦੀ ਖਰੀਦ ਦਾ ਕੰਮ ਅੱਜ 28 ਮਾਰਚ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਾਲ ਰਾਜ ਸਰਕਾਰ ਵੱਲੋਂ ਲਗਭਗ 13 ਲੱਖ ਟਨ ਸਰ੍ਹੋਂ ਦੀ ਖਰੀਦ ਕੀਤੀ ਜਾਣੀ ਹੈ, ਜਿਸ ਵਿੱਚੋਂ 25 ਫੀਸਦੀ ‘ਪ੍ਰਾਈਸ ਸਪੋਰਟ ਸਕੀਮ’ ਤਹਿਤ ਕੇਂਦਰ ਸਰਕਾਰ ਦੀਆਂ ਏਜੰਸੀਆਂ (ਨੈਫੇਡ ਅਤੇ ਐੱਨ.ਸੀ.ਸੀ.ਐੱਫ.) ਅਤੇ ਬਾਕੀ 75 ਫੀਸਦੀ ਰਾਜ ਦੀਆਂ ਖਰੀਦ ਸੰਸਥਾਵਾਂ (ਹੈਫੇਡ ਅਤੇ ਹਰਿਆਣਾ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 50:50 ਫੀਸਦੀ) ਵੱਲੋਂ ਕੀਤੀ ਜਾਵੇਗੀ।
ਮੁੱਖ ਮੰਤਰੀ ਨੂੰ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਇਸ ਸਾਲ ਕਣਕ ਦੀ ਖਰੀਦ ਲਈ ਰਾਜ ਵਿੱਚ 416, ਸਰ੍ਹੋਂ ਲਈ 112, ਜੌਂ ਲਈ 25, ਛੋਲਿਆਂ ਲਈ 11 ਅਤੇ ਮਸਰਾਂ ਲਈ 7 ਮੰਡੀਆਂ ਤੈਅ ਕੀਤੀਆਂ ਗਈਆਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਰਾਜ ਵਿੱਚ ਰਬੀ ਦੀਆਂ ਫ਼ਸਲਾਂ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਰਾਜ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪੋਰਟਲਾਂ ਵਿੱਚ ਕਈ ਸੁਧਾਰ ਕੀਤੇ ਗਏ ਹਨ। ਇਨ੍ਹਾਂ ਵਿੱਚ ਰਾਜ ਦੇ ਸਾਰੇ ਕਿਸਾਨ ਜੋ ਆਪਣੀ ਉਪਜ ਵੇਚਣ ਲਈ ਜਿਹੜਾ ਵੀ ਵਾਹਨ ਮੰਡੀਆਂ ਵਿੱਚ ਲੈ ਕੇ ਆਉਣਗੇ, ਉਨ੍ਹਾਂ ਵਾਹਨਾਂ ‘ਤੇ ਵਾਹਨ ਨੰਬਰ ਸਪਸ਼ਟ ਲਿਖਿਆ ਹੋਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਾਲ ਸਾਰੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਲਈ ਜੀਓ-ਫੈਂਸਡ ਕੀਤੀ ਗਈ ਹੈ। ਕਿਸਾਨਾਂ ਦੀ ਆਮਦ ਦੇ ਸਾਰੇ ਗੇਟ ਪਾਸ ‘ਈ-ਖਰੀਦ’ ਮੋਬਾਈਲ ਐਪ ਰਾਹੀਂ ਕੱਟੇ ਜਾਣਗੇ।
ਇਸੇ ਤਰ੍ਹਾਂ, ਇਸ ਸਾਲ ਕਿਸਾਨਾਂ ਦੀ ਉਪਜ ਦੀ ਬੋਲੀ ਸਮੇਂ “ਮੇਰੀ ਫਸਲ ਮੇਰਾ ਬਿਓਰਾ” ਪੋਰਟਲ ‘ਤੇ ਰਜਿਸਟਰਡ ਕਿਸਾਨ ਜਾਂ ਉਸ ਦੇ ਤਿੰਨ ਪ੍ਰਤੀਨਿਧੀਆਂ ਵਿੱਚੋਂ ਕਿਸੇ ਇੱਕ ਦੀ ਬਾਇਓਮੈਟ੍ਰਿਕ ਪੁਸ਼ਟੀ ਹੋਣੀ ਜ਼ਰੂਰੀ ਹੈ। ਬਾਇਓਮੈਟ੍ਰਿਕ ਪੁਸ਼ਟੀ ਲਈ ਹਰਿਆਣਾ ਰਾਜ ਦੀਆਂ ਸਾਰੀਆਂ ਮੰਡੀਆਂ ਵਿੱਚ ਪ੍ਰਬੰਧ ਕੀਤੇ ਜਾ ਚੁੱਕੇ ਹਨ। ਖਰੀਦ ਕਾਰਜਾਂ ਦੌਰਾਨ ਸਾਰੇ ਕਿਸਮ ਦੇ ਗੇਟ ਪਾਸ ਅਤੇ ਹੋਰ ਖਰੀਦ ਕੰਮ ਮੋਬਾਈਲ ਐਪ ਰਾਹੀਂ ਹੀ ਚਲਾਏ ਜਾਣਗੇ।
ਇਸ ਤੋਂ ਇਲਾਵਾ, ਰਾਜ ਦੀਆਂ ਸਾਰੀਆਂ ਮੰਡੀਆਂ ਦੇ ਆਉਣ ਅਤੇ ਜਾਣ ਵਾਲੇ ਗੇਟਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਦੀ ਹਾਲਤ ਅਤੇ ਦਿਸ਼ਾ ਸਹੀ ਹੋਣ ਨੂੰ ਯਕੀਨੀ ਬਣਾਉਣ ਲਈ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਜ ਦੀਆਂ ਸਾਰੀਆਂ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਫ਼ਸਲ ਵੇਚਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕਤ ਕੁਮਾਰ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਾਜਨਾਰਾਇਣ ਕੌਸ਼ਿਕ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।