
ਫ਼ਰੀਦਕੋਟ 02 ਅਕਤੂਬਰ- ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ ਅਤੇ ਕਿਸਾਨ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਮੰਡੀਆਂ ਵਿਚ ਵੇਚਣ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 4179 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 3773 ਮੀਟਰਕ ਟਨ ਝੋਨਾ ਖਰੀਦਿਆਂ ਜਾ ਚੁੱਕਾ ਹੈ । ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 1971.25 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 874.50 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 483.75 ਮੀਟਰਕ ਟਨ ਝੋਨਾ ਪਨਸਪ, 245 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 198 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸਵੱਛਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 10.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਜਾਣਕਾਰੀ, ਸਮੱਸਿਆ ਜਾਂ ਸਹਾਇਤਾ ਦੀ ਲੋੜ ਹੋਵੇ, ਤਾਂ ਉਹ ਆਪਣੇ ਸਬੰਧਤ ਸਕੱਤਰ ਮਾਰਕੀਟ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਪੋਰਟਲ ਤੇ ਵੀ ਸਾਰੀ ਜਾਣਕਾਰੀ ਉਪਲਬਧ ਹੈ, ਜਿਸਨੂੰ ਕਿਸਾਨ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।