Saturday, September 20Malwa News
Shadow

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

ਚੰਡੀਗੜ੍ਹ/ਸੰਗਰੂਰ, 20 ਸਤੰਬਰ– ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾਈ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਆਫ਼ਤ ਪ੍ਰਬੰਧਨ ਐਕਟ, ਮਾਈਨਿੰਗ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਵਿੱਚ ਜ਼ਰੂਰੀ ਸੋਧਾਂ ਸੈਸ਼ਨ ਵਿੱਚ ਰੱਖੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਮੁੱਚੀ ਸਰਕਾਰ ਤੇ ਆਮ ਆਦਮੀ ਪਾਰਟੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਲਈ ਸਮਰਪਿਤ ਹੈ, ਅਤੇ ਇਹ ਸੈਸ਼ਨ ਉਸ ਵਚਨਬੱਧਤਾ ਨੂੰ ਦਰਸਾਏਗਾ।

ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫ਼ਲ ਕਰਾਰ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜ਼ਬੂਤੀ ਦਿੱਤੀ ਹੈ। ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਮਦਦ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਹ ਫੰਡ ਉਨ੍ਹਾਂ ਪਰਿਵਾਰਾਂ ਦੀ ਹਿੰਮਤ ਵਧਾਏਗਾ ਜਿਨ੍ਹਾਂ ਨੂੰ ਕੁਦਰਤ ਦੇ ਕਹਿਰ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੀ ਸਹਾਇਤਾ ਲਈ ਹਰ ਸੰਭਵ ਕਦਮ ਚੁੱਕੇਗੀ, ਜਿਸਦਾ ਉਦੇਸ਼ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣਾ ਹੈ। ਇਸ ਮੌਕੇ ਵਿੱਤ ਮੰਤਰੀ ਦੇ ਓ ਐਸ ਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ, ਸਹਿਤ ਵਿਭਾਗ ਦੀਆਂ ਟੀਮਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।