
ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ, ਵਾਸੀ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹਰਪਾਲ ਸਿੰਘ ਸਿੱਧੇ ਤੌਰ ‘ਤੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨ ਜ਼ਰੀਏ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀਆਂ ਕਈ ਖੇਪਾਂ ਨੂੰ ਭਾਰਤ ਪਹੁੰਚਾਉਣ ਦਾ ਪ੍ਰਬੰਧ ਕਰ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਰਪਾਲ ਸਿੰਘ, ਜੋ ਕਿ ਲਗਭਗ ਦੋ ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ, ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ ਅਤੇ ਵਿਦੇਸ਼ ਸੈਟਲ ਹੋਣ ਤੋਂ ਬਾਅਦ ਉਹ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ ਸੀ।
ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਪਿੰਡ ਧਨੋਏ ਕਲਾਂ, ਅੰਮ੍ਰਿਤਸਰ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ਿਆਂ ਦੀ ਖੇਪ ਪ੍ਰਾਪਤ ਕਰਨ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਸ਼ੱਕੀ ਪਵਨਦੀਪ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਬਹਿੜਵਾਲ ਨੇੜੇ ਉਸ ਵੇਲੇ ਕਾਬੂ ਕਰ ਲਿਆ, ਜਦੋਂ ਉਹ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।
ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 52 ਮਿਤੀ 19-09-2025 ਨੂੰ ਦਰਜ ਕੀਤਾ ਗਿਆ ਹੈ।