Saturday, November 14Malwa News
Shadow

ਮਾਲੇਰਕੋਟਲਾ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 14 ਨਵੰਬਰ:         ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ (ਫਸਟ ਲੈਵਲ ਚੈਕਿੰਗ-ਐੱਫ.ਐੱਲ.ਸੀ.) 12 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਵਿਰਾਜ ਐਸ ਤਿੜਕੇ ਨੇ ਦੱਸਿਆ ਕਿ ਇਹ ਜਾਂਚ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਨੂੰ ਵੀ ਇਸ ਜਾਂਚ ਦੌਰਾਨ ਹਾਜ਼ਰ ਰਹਿਣ ਅਤੇ ਪੂਰੀ ਪ੍ਰਕਿਰਿਆ ਦੇ ਗਵਾਹ ਬਣਨ ਦਾ ਮੌਕਾ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ  ਅਧਿਕਾਰਤ ਨੁਮਾਇੰਦੇ  ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ, ਤਾਂ ਜੋ ਚੋਣ ਪ੍ਰਬੰਧਾਂ ਪ੍ਰਤੀ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
 ਉਨਾਂ ਕਿਹਾ ਕਿ ਈ.ਵੀ.ਐੱਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਚੋਣਾਂ ਤੋਂ ਪਹਿਲਾਂ ਕੀਤੀ ਜਾਣ ਵਾਲੀ ਇੱਕ ਅਹਿਮ ਪ੍ਰਕਿਰਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਚੋਣ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਸਾਰੀਆਂ ਸਬੰਧਤ ਧਿਰਾਂ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ।ਇਸ ਮੌਕੇ ਐੱਫ.ਐੱਲ.ਸੀ. ਸੁਪਰਵਾਈਜਰ ਰਾਜਦੀਪ ਸਿੰਘ ਬਰਾੜ ਵੀ ਮੌਜੂਦ ਸਨ।