Tuesday, April 22Malwa News
Shadow

ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਪੰਜ ਉਮੀਦਵਾਰ ਐਲਾਨੇ ਗਏ ਅਯੋਗ

ਚੰਡੀਗੜ੍ਹ, 16 ਅਕਤੂਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

 ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਸ਼ਾਮਿਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ।  ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਾਸੀ ਹਰਭਗਵਾਨ ਸ਼ਰਮਾ ਭਿੱਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

Basmati Rice Advertisment