
ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਪੰਜਾਬ ਦੇ ਸਾਰੇ ਫੋਕਲ ਪੁਆਇੰਟਾਂ ਦੀ ਕਾਇਆ ਕਲਪ ਕੀਤੀ ਜਾਵੇਗੀ।
ਅੱਜ ਇਥੇ ਵੱਖ ਵੱਖ ਵਿਭਾਗਾਂ ਦੇ ਅਧਿਾਕਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਹਨ, ਜੋ ਜਲਦੀ ਪੂਰੇ ਕੀਤੇ ਜਾਣੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਸਨਅਤੀ ਵਿਕਾਸ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਲਈ ਸਨਅਤੀ ਵਿਕਾਸ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵੀ ਫੋਕਲ ਪੁਆਇੰਟ ਅਜੇ ਤੱਕ ਵੀ ਸਹੂਲਤਾਂ ਤੋਂ ਵਾਂਝੇ ਹਨ, ਉਨ੍ਹਾਂ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾਣ, ਤਾਂ ਜੋ ਸਰਕਾਰ ਵਲੋਂ ਉਨ੍ਹਾਂ ਨੂੰ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਨਿਵੇਸ਼ਕ ਹੁਣ ਪੰਜਾਬ ਵਿਚ ਸਨਅਤਾਂ ਲਾਉਣ ਲਈ ਤਿਅਰਾ ਹਨ, ਪਰ ਕੁੰਝ ਵਿਭਾਗਾਂ ਵਿਚ ਪ੍ਰਵਾਨਗੀਆਂ ਲੈਣ ਲਈ ਉਨ੍ਹਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਇਸ ਲਈ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਨਿਵੇਸ਼ਕਾਰ ਪੰਜਾਬ ਵਿਚ ਨਿਵੇਸ਼ ਕਰ ਰਿਹਾ ਹੈ, ਉਸ ਦੀ ਪੰਜਾਬ ਸਰਕਾਰ ਵਲੋਂ ਪੂਰੀ ਮੱਦਦ ਕੀਤੀ ਜਾਵੇ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜੇਕਰ ਕੋਈ ਮਸਲਾ ਸਰਕਾਰ ਦੇ ਪੱਧਰ ਦਾ ਹੈ ਤਾਂ ਉਹ ਤੁਰੰਤ ਧਿਆਨ ਵਿਚ ਲਿਆਂਦਾ ਜਾਵੇ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਜਿਹੇ ਮਸਲੇ ਹੱਲ ਕੀਤੇ ਜਾ ਸਕਣ।