
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਨਵਰੀ ਤੋਂ ਮਾਰਚ ਤੱਕ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਹਰ ਹਾਲਤ ਵਿਚ ਸਾਰੇ ਡਿਪੂਆਂ ‘ਤੇ ਪਹੁੰਚ ਜਾਣੀ ਚਾਹੀਦੀ ਹੈ। ਅੱਜ ਇਥੇ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਚੰਗੀਆਂ ਅਤੇ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਵਾਉਣ ਲਈ ਸਾਰੇ ਦਫਤਰਾਂ ਵਿਚ ਪੂਰੀ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਫੀਲਡ ਵਾਲੇ ਮੁਲਾਜ਼ਮਾਂ ਦੀ ਸਮੇਂ ਸਿਰ ਪਹੁੰਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਸਖਤ ਹਦਾਇਤਾਂ ਕੀਤੀਆਂ ਕਿ ਅਗਲੇ ਕਣਕ ਦੇ ਸੀਜ਼ਨ ਦੌਰਾਨ ਖਰੀਦੀ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਕਿਹਾ ਕਿ ਖਰੀਦ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਵੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ।