ਖੰਨਾ, 6 ਜਨਵਰੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਲਈ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਚਾਰ ਕਰੋੜ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੀ ਸਫਲਤਾ ਤੋਂ ਬਾਅਦ ਪੂਰੇ ਪੰਜਾਬ ਨੂੰ ਕੂੜਾ ਮੁਕਤ ਕੀਤਾ ਜਾਵੇਗਾ।
ਅੱਜ ਖੰਨਾ ਵਿਖੇ ਡੋਰ ਟੂ ਡੋਰ ਕੁਲੈਕਸ਼ਨ ਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕਰਨ ਪਿਛੋਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਇਕ ਸਾਲ ਲਈ ਸ਼ੁਰੂਆਤ ਕੀਤੀ ਗਈ ਹੈ। ਇਸਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਬਾਕੀ ਇਲਾਕਿਆਂ ਵਿਚ ਇਸ ਤਰਾਂ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਹੈ ਕਿ ਪੂਰੇ ਪੰਜਾਬ ਨੂੰ ਕੂੜਾ ਮੁਕਤ ਕੀਤਾ ਜਾਵੇ। ਇਸ ਲਈ ਸਰਕਾਰ ਵਲੋਂ ਕਈ ਤਰਾਂ ਦੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਇਸੇ ਸਿਲਸਲੇ ਵਿਚ ਖੰਨਾ ਵਿਖੇ ਇਹ ਪਾਈਲਟ ਪ੍ਰੋਜੈਕਟ ਲਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੰਨਾ ਸ਼ਹਿਰ ਦੀ ਦੀ ਦਿੱਖ ਬਦਲ ਜਾਵੇਗੀ ਅਤੇ ਇਹ ਪੰਜਾਬ ਦਾ ਸੁੰਦਰ ਸ਼ਹਿਰ ਬਣ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾਵੇਗੀ ਅਤੇ ਪਲਾਸਿਟਕ ਦੀ ਰਹਿੰਦ ਖੂੰਹਦ ਤੋਂ ਬਿਜਲੀ ਤਿਆਰ ਕੀਤੀ ਜਾਵੇਗੀ।