
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬੈਨ ਅਨਾਜ ਮੰਡੀ ਵਿੱਚ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ
ਚੰਡੀਗੜ੍ਹ, 11 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਖਰੀਦ ਪ੍ਰਣਾਲੀ ਨੂੰ ਹੋਰ ਵਧੇਰੇ ਪਾਰਦਰਸ਼ੀ, ਸੁਰੱਖਿਅਤ ਅਤੇ ਕਿਸਾਨ ਪੱਖੀ ਬਣਾਉਣ ਲਈ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਹਨ। ਇਨ੍ਹਾਂ ਨਾਲ ਫਸਲ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧੇਗੀ, ਅਣਅਧਿਕਾਰਤ ਗਤੀਵਿਧੀਆਂ ‘ਤੇ ਰੋਕ ਲੱਗੇਗੀ ਅਤੇ ਕਿਸਾਨਾਂ ਨੂੰ ਸੁਵਿਧਾਜਨਕ ਤੇ ਤੇਜ਼ ਸੇਵਾਵਾਂ ਮਿਲਣਗੀਆਂ।
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੇ ਬਾਬੈਨ ਦੀ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਨੇ ਕਿਸਾਨਾਂ ਨਾਲ ਮੰਡੀ ਵਿੱਚ ਕਣਕ ਲੈ ਕੇ ਆਉਣ, ਫਸਲ ਵੇਚਣ ਅਤੇ ਪੇਮੈਂਟ ਸਮੇਤ ਹੋਰ ਪਹਿਲੂਆਂ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਕਿਸਾਨਾਂ ਨੇ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਈ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸਾਹਮਣੇ ਕਣਕ ਵੇਚਣ ਵਾਲੇ ਹਮੀਦਪੁਰ ਨਿਵਾਸੀ ਕਿਸਾਨ ਧਰਮਚੰਦ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਵੀ ਕੀਤਾ। ਦੌਰੇ ਸਮੇਂ ਮੁੱਖ ਮੰਤਰੀ ਮੰਡੀ ਵਿੱਚ ਸਥਿਤ ਪੂਰਵ ਚੇਅਰਮੈਨ ਸ਼੍ਰੀ ਡਿੰਪਲ ਸੈਣੀ ਦੀ ਦੁਕਾਨ ‘ਤੇ ਵੀ ਪਹੁੰਚੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਰਾਜ ਬਾਲ ਭਲਾਈ ਕੌਂਸਲ ਦੀ ਵਾਇਸ ਚੇਅਰਪਰਸਨ ਸ਼੍ਰੀਮਤੀ ਸੁਮਨ ਸੈਣੀ ਦਾ ਅਨਾਜ ਮੰਡੀ ਬਾਬੈਨ ਵਿੱਚ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ਰਾਮ ਕੁਮਾਰ ਮੀਣਾ ਅਤੇ ਦਫਤਰ ਇੰਚਾਰਜ ਸ਼੍ਰੀ ਕੈਲਾਸ਼ ਸੈਣੀ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ।
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਤਿੰਨ-ਪੱਧਰੀ ਫਸਲ ਤਸਦੀਕ ਪ੍ਰਣਾਲੀ ਨੂੰ ਲਾਜ਼ਮੀ ਕੀਤਾ ਹੈ। ਇਸ ਵਿਵਸਥਾ ਤਹਿਤ ਖਰੀਦ ਕੇਂਦਰਾਂ ‘ਤੇ ਲਿਆਂਦੀ ਗਈ ਫਸਲ ਦਾ ਕਿਸਾਨ ਦੁਆਰਾ ਰਜਿਸਟਰਡ ਫਸਲ ਨਾਲ ਮਿਲਾਨ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਨਾਲ ਫਸਲ ਤਸਦੀਕ ਪ੍ਰਕਿਰਿਆ ਹੋਰ ਸਹੀ ਅਤੇ ਭਰੋਸੇਯੋਗ ਬਣ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੁਚੱਜੇ ਢੰਗ ਨਾਲ ਖਰੀਦ ਕਾਰਜ ਨੂੰ ਸਫਲਤਾਪੂਰਵਕ ਚਲਾ ਰਹੀ ਹੈ। ਰਾਜ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਦੀ ਫਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਯਕੀਨੀ ਬਣਾਈ ਜਾਵੇਗੀ। ਸਰਕਾਰ ਨੇ ਖਰੀਦ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਾਗੂ ਕੀਤੇ ਹਨ ਅਤੇ ਹਰੇਕ ਮੰਡੀ ਵਿੱਚ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦੀਆਂ ਮੰਡੀਆਂ ਦੀ ਨਿਯਮਤ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਖਰੀਦ ਵਿਵਸਥਾ ਦਾ ਇੰਚਾਰਜ ਬਣਾਇਆ ਗਿਆ ਹੈ। ਮੰਤਰੀ ਅਤੇ ਵਿਧਾਇਕ ਵੀ ਲਗਾਤਾਰ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਪੁਲਿਸ ਸੁਪਰਡੈਂਟ ਸ਼੍ਰੀ ਚੰਦਰ ਮੋਹਨ, ਐਸ.ਡੀ.ਐਮ. ਸ਼੍ਰੀ ਅਨੁਭਵ ਮਹਿਤਾ, ਚੇਅਰਮੈਨ ਸ਼੍ਰੀ ਜਸਵਿੰਦਰ ਸਿੰਘ, ਸ਼੍ਰੀ ਜੈ ਭਗਵਾਨ ਸ਼ਰਮਾ ਡੀ.ਡੀ., ਸੂਬਾ ਸਕੱਤਰ ਸ਼੍ਰੀ ਰਾਹੁਲ ਰਾਣਾ, ਪ੍ਰਧਾਨ ਸ਼੍ਰੀ ਜਤਿੰਦਰ ਖੈਰਾ ਅਤੇ ਮਾਰਕੀਟ ਕਮੇਟੀ ਸਕੱਤਰ ਸ਼੍ਰੀ ਗੁਰਮੀਤ ਸਿੰਘ ਵੀ ਮੌਜੂਦ ਸਨ।