Monday, July 27Malwa News
Shadow

ਅੰਬਾਲਾ ਛਾਉਣੀ ਦੇ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਦਾ ਨਾਂ ਹੁਣ ਹੋਵੇਗਾ ‘ਆਚਾਰੀਆ ਰਘੁਵੀਰ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ’ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਚੰਡੀਗੜ੍ਹ, 27 ਜੁਲਾਈ – ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪ੍ਰਦੇਸ਼ ਦੇ ਮਹਾਨ ਸਿੱਖਿਆ ਸ਼ਾਸਤਰੀਆਂ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਬਾਲਾ ਛਾਉਣੀ ਸਥਿਤ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਦਾ ਨਾਂ ਬਦਲ ਕੇ “ਆਚਾਰੀਆ ਰਘੁਵੀਰ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ, ਅੰਬਾਲਾ ਛਾਉਣੀ” ਕੀਤੇ ਜਾਣ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੰਦਿਆਂ ਮੌਜੂਦਾ ਨੀਤੀ ਵਿੱਚ ਲੋੜੀਂਦੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਆਚਾਰੀਆ ਰਘੁਵੀਰ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ, ਭਾਸ਼ਾ ਵਿਗਿਆਨੀ, ਸੰਸਕ੍ਰਿਤ ਅਤੇ ਭਾਰਤੀ ਸੰਸਕ੍ਰਿਤੀ ਦੇ ਮਹਾਨ ਵਿਦਵਾਨ ਅਤੇ ਰਾਸ਼ਟਰ ਭਾਸ਼ਾ ਹਿੰਦੀ ਦੇ ਸਮਰਥਕ ਸਨ। ਉਨ੍ਹਾਂ ਨੇ ਭਾਰਤੀ ਗਿਆਨ ਪਰੰਪਰਾ, ਸੰਸਕ੍ਰਿਤੀ ਅਤੇ ਭਾਸ਼ਾਵਾਂ ਦੇ ਸੰਭਾਲ ਅਤੇ ਪ੍ਰਸਾਰ ਵਿੱਚ ਅਮੁੱਲ ਯੋਗਦਾਨ ਪਾਇਆ। ਉਨ੍ਹਾਂ ਦੇ ਨਾਂ ‘ਤੇ ਕਾਲਜ ਦਾ ਨਾਮਕਰਨ ਕੀਤੇ ਜਾਣ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਦਰਸ਼ਾਂ ਅਤੇ ਰਾਸ਼ਟਰ ਸੇਵਾ ਦੀ ਭਾਵਨਾ ਤੋਂ ਪ੍ਰੇਰਨਾ ਮਿਲੇਗੀ।

ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਮੌਜੂਦਾ ਰਾਜ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਦੇਸ਼ ਦੇ ਮਹਾਨ ਮਹਾਂਪੁਰਖਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਫ਼ੈਸਲਾ ਨਵੀਂ ਪੀੜ੍ਹੀ ਵਿੱਚ ਦੇਸ਼ ਭਗਤੀ, ਸੱਭਿਆਚਾਰਕ ਮਾਣ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸਿੱਧ ਹੋਵੇਗਾ।

ਉਨ੍ਹਾਂ ਇਸ ਅਹਿਮ ਫ਼ੈਸਲੇ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਅਤੇ ਸੱਭਿਆਚਾਰਕ ਵਿਰਸੇ ਦੀ ਸੰਭਾਲ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।