ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸਾਲ 2024–25 ਦੇ ਪਹਿਲੇ 9 ਮਹੀਨਿਆਂ ਦੌਰਾਨ ਵੱਖ ਵੱਖ ਟੈਕਸਾਂ ਤੋਂ ਪੰਜਾਬ ਸਰਕਾਰ ਨੂੰ 30 ਹਜਾਰ ਕਰੋੜ ਦੀ ਆਮਦਨ ਹੋਈ ਹੈ, ਜੋ ਹੁਣ ਤੱਕ ਦਾ ਰਿਕਾਰਡ ਹੈ। ਪਿਛਲੇ ਸਾਲ ਪੰਜਾਬ ਸਰਕਾਰ ਦਾ ਮਾਲੀਆ ਕੇਵਲ 27 ਹਜਾਰ ਕਰੋੜ ਰੁਪਏ ਹੀ ਸੀ।
ਇਸ ਵਿੱਤੀ ਸਾਲ ਦੇ ਪਹਿਲੇ 9 ਮਹੀਨਿਆਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਜੀ.ਐਸ.ਟੀ. ਦੀ ਰਕਮ ਵਿਚ 28.36 ਪ੍ਰਤੀਸ਼ਤ ਵਾਧਾ ਹੋਇਆ ਹੈ, ਜਦਕਿ ਆਬਕਾਰੀ ਟੈਕਸ ਵਿਚ 21.31 ਪ੍ਰਤੀਸ਼ਤ ਵਾਧਾ ਹੋਇਆ ਹੈ। ਇਕੱਲੇ ਦਸਬੰਰ ਮਹੀਨੇ ਵਿਚ ਹੀ ਨੈੱਟ ਜੀ ਐਸ ਟੀ ਤੋਂ ਹੀ 2013.20 ਕਰੋੜ ਰੁਪਏ ਦੀ ਆਮਦਨ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਪਾਰਦਰਸ਼ੀ ਨੀਤੀਆਂ ਕਾਰਨ ਹੀ ਸੰਭਵ ਹੋ ਸਕਿਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸਾਸ਼ਨ ਮੁਹਈਆ ਕਰਵਾਇਆ ਜਾ ਰਿਹਾ ਹੈ। ਇਸ ਨਾਲ ਜਿਥੇ ਪੰਜਾਬ ਵਾਸੀਆਂ ਦੇ ਕਾਰੋਬਾਰਾਂ ਵਿਚ ਵਾਧਾ ਹੋਇਆ ਹੈ, ਉਥੇ ਸਰਕਾਰ ਦੀ ਆਮਦਨ ਵਿਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾਂ ਖਜਾਨਾ ਖਾਲੀ ਹੋਣ ਦਾ ਢੰਡੋਰਾ ਪਿੱਟਦੀਆਂ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਲੋਕਾਂ ਲਈ ਸਰਕਾਰੀ ਖਜਾਨੇ ਦਾ ਹਮੇਸ਼ਾਂ ਖੁੱਲ੍ਹਾ ਰਹਿਣਾ ਚਾਹੀਦਾ ਹੈ। ਇਸੇ ਲਈ ਹੀ ਪੰਜਾਬ ਵਿਚ ਸਰਕਾਰ ਬਨਣ ਤੋਂ ਲੈ ਕੇ ਹੁਣ ਤੱਕ ਵਿਕਾਸ ਕਾਰਜ ਚੱਲ ਰਹੇ ਹਨ। ਪਿਛਲੀਆਂ ਸਰਕਾਰਾਂ ਕੇਵਲ ਚੋਣਾ ਵਾਲੇ ਸਾਲ ਹੀ ਵਿਕਾਸ ਕਾਰਜ ਸ਼ੁਰੂ ਕਰਵਾਉਂਦੀਆਂ ਸਨ।
ਵਿੱਤ ਮੰਤਰੀ ਨੇ ਵਾਅਦਾ ਕੀਤਾ ਕਿ ਇਹ ਸਰਕਾਰ ਇਸੇ ਤਰਾਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਰਹੇਗੀ।