Wednesday, November 11Malwa News
Shadow

ਰੂਪਨਗਰ ਦੇ ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼

ਰੂਪਨਗਰ, 11 ਨਵੰਬਰ: ਰੂਪਨਗਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋ ਗਿਆ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਵੱਲੋਂ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਕੀਤੀ ਗਈ। ਤਿੰਨ ਦਿਨ ਚੱਲਣ ਵਾਲੇ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ 11 ਸਾਲ ਉਮਰ ਵਰਗ ਦੇ ਲੜਕਿਆਂ ਅਤੇ ਲੜਕੀਆਂ ਦੇ ਹੈਂਡਬਾਲ ਮੁਕਾਬਲੇ ਕਰਵਾਏ ਜਾਣਗੇ।

ਖੇਡਾਂ ਦੇ ਉਦਘਾਟਨ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੂਪਨਗਰ ਦੀ ਪਵਿੱਤਰ ਧਰਤੀ ‘ਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਲਗਭਗ 350 ਖਿਡਾਰਨਾਂ ਭਾਗ ਲੈ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪਹਿਲਾਂ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਦਕਿ ਇਸ ਤੋਂ ਬਾਅਦ ਲੜਕਿਆਂ ਦੇ ਮੁਕਾਬਲੇ ਸ਼ੁਰੂ ਹੋਣਗੇ। ਖੇਡਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੀਆਂ ਟੀਮਾਂ ਦੀ ਰਿਹਾਇਸ਼ ਅਤੇ ਖਾਣ-ਪੀਣ ਦਾ ਵੀ ਉਚਿਤ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਖਿਡਾਰੀਆਂ ਅਤੇ ਉਨ੍ਹਾਂ ਦੇ ਖੇਡ ਇੰਚਾਰਜਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਖਿਡਾਰੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਅਪੀਲ ਵੀ ਕੀਤੀ।

ਅਨੁਸ਼ਾਸਨ ਕਮੇਟੀ ਦੇ ਮੁਖੀ ਮਨਜੋਤ ਸਿੰਘ ਸੈਣੀ ਨੇ ਪਹਿਲੇ ਦਿਨ ਦੇ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀਆਂ ਦੇ ਹੈਂਡਬਾਲ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੀ ਟੀਮ ਨੇ ਮੁਕਤਸਰ ਨੂੰ ਅਤੇ ਅੰਮ੍ਰਿਤਸਰ ਦੀ ਟੀਮ ਨੇ ਫਰੀਦਕੋਟ ਨੂੰ ਹਰਾਇਆ। ਉਨ੍ਹਾਂ ਕਿਹਾ ਕਿ ਖਿਡਾਰਨਾਂ ਵਿੱਚ ਮੁਕਾਬਲਿਆਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਮੌਕੇ ਦਵਿੰਦਰ ਕੁਮਾਰ, ਕਮਿੰਦਰ ਸਿੰਘ, ਅਮਨਦੀਪ ਕੌਰ, ਇੰਦਰਪਾਲ ਸਿੰਘ, ਰਾਕੇਸ਼ ਕੁਮਾਰ ਰੋੜੀ, ਦਵਿੰਦਰ ਸਿੰਘ ਬੇਦੀ, ਸੱਜਣ ਸਿੰਘ, ਗੁਰਦੀਪ ਸਿੰਘ ਖਾਬੜਾ, ਮਲਕੀਤ ਸਿੰਘ ਭੱਠਲ, ਬਲਵਿੰਦਰ ਸਿੰਘ ਮੀਆਂਪੁਰ, ਪੁਨੀਤ ਸਿੰਘ, ਗੁਰਜੀਤ ਸਿੰਘ, ਬਲਵੀਰ ਸਿੰਘ, ਦਵਿੰਦਰ ਸਿੰਘ, ਰਜਿੰਦਰ ਬਿਸ਼ਨੂ, ਸੰਜੀਵ ਕੁਮਾਰ, ਪਰਮਜੀਤ ਸਿੰਘ ਬੈਂਸ, ਜਸਵਿੰਦਰ ਸਿੰਘ ਜੱਸੀ, ਜਸਕਰਨ ਸਿੰਘ, ਜਗਮੋਹਣ ਸਿੰਘ ਚੌਂਤਾ, ਰਣਜੀਤ ਸਿੰਘ ਔਲਖ, ਗੁਰਚਰਨ ਸਿੰਘ, ਸੰਦੀਪ ਕੁਮਾਰ, ਅਵਨੀਤ ਚੱਢਾ, ਮੋਹਣ ਸਿੰਘ, ਸਤਵਿੰਦਰ ਕੌਰ, ਅਮਰਜੀਤ ਸਿੰਘ ਅਤੇ ਹਰਜੀਤ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵੱਖ-ਵੱਖ ਟੀਮਾਂ ਦੇ ਇੰਚਾਰਜ ਹਾਜ਼ਰ ਸਨ।