
ਚੰਡੀਗੜ੍ਹ, 5 ਫਰਵਰੀ : ਪੰਜਾਬ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ 21ਵੀਂ ਪਸ਼ੂਧਨ ਗਣਨਾ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੀ ਜਾਵੇ।
ਖੇਤੀ ਮੰਤਰੀ ਨੇ ਦੱਸਿਆ ਕਿ ਇਸ ਗਣਨਾ ਦੌਰਾਨ ਪਸ਼ੂਆਂ ਦੀਆਂ ਨਸੋਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ ‘ਤੇ ਸ੍ਰੇਣੀਬੱਧ ਕੀਤੇ ਗਏ ਪਸ਼ੂਆਂ ਦੀ ਗਿਣਤੀ ਸਬੰਧੀ ਸਾਰਾ ਡਾਟਾ ਪੂਰੇ ਧਿਆਨ ਨਾਲ ਇਕੱਤਰ ਕੀਤਾ ਜਾਵੇ ਅਤੇ ਸਾਂਭਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਡਾਟਾ ਪਸ਼ੂਧਨ ਦੀ ਸਾਂਭ ਸੰਭਾਲ ਅਤੇ ਡੇਅਰੀ ਵਿਕਾਸ ਦੇ ਮਾਮਲੇ ਵਿਚ ਬਹੁਤ ਸਹਾਈ ਹੋਵੇਗਾ।
ਖੇਤੀਬਾੜੀ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਸੂਬੇ ਵਿਚ ਲੰਪੀ ਸਕਿੱਨ ਬਿਮਾਰੀ ਵਿਰੁੱਧ ਵੱਡੇ ਪੱਧਰ ‘ਤੇ ਟੀਕਾਕਰਨ ਦੀ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਮੰਤਰੀ ਨੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਵਿਖੇ ਵੈਟਰਨਰੀ ਪੌਲੀਕਲੀਨਿਕਾਂ ਵਿਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਦੇ ਕੰਮ ਦਾ ਜਾਇਜਾ ਵੀ ਲਿਆ।
ਇਸ ਮੀਟਿੰਗ ਵਿਚ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਇਸ ਵਾਰ ਪਹਿਲੀ ਵਾਰ ਹੈ ਜਦੋਂ ਪਸ਼ੂ ਪਾਲਣ ਦੇ ਖੇਤਰ ਵਿਚ ਔਰਤਾਂ ਦੀ ਭੂਮਿਕਾ ਨੂੰ ਵੀ ਧਿਆਨ ਵਿਚ ਰੱਖਿਆ ਜਾ ਰਿਹਾ ਹੈ।