Sunday, January 26Malwa News
Shadow

ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ

ਚੰਡੀਗੜ੍ਹ, 22 ਅਕਤੂਬਰ: ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਏ ਸੂਬੇ ਵਿੱਚ ਹੀ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ।

ਬੀਤੇ ਢਾਈ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ 46,000 ਸਰਕਾਰੀ ਨੌਕਰੀਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਆਪਣੇ ਨੌਜਵਾਨਾਂ ਨੂੰ ਦੇਣ ਲਈ ਬਹੁਤ ਕੁਝ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰਹਿ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ।

ਇਹ ਗੱਲ ਖੇਤੀਬਾੜੀ ਮੰਤਰੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮਜਾਤੜੀ ਵਿਖੇ ਸ.ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਤੀਜੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਿਰਕਤ ਕਰਦਿਆਂ ਕਹੀ।

ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਗਿੰਨੀ ਦੁੱਗਲ ਵੀ ਮੌਜੂਦ ਸਨ, ਨੇ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਸਕੂਲ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਬਾਰੇ ਫੀਡਬੈਕ ਲਈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਰਕਾਰ ਨੇ 500 ਤੋਂ ਵੱਧ ਅਧਿਆਪਕਾਂ ਨੂੰ ਆਪਣੇ ਹੁਨਰ ਅਤੇ ਤਜਰਬੇ ਨੂੰ ਹੋਰ ਨਿਖ਼ਾਰਨ ਲਈ ਟ੍ਰੇਨਿੰਗ ਵਾਸਤੇ ਸਿੰਗਾਪੁਰ, ਫਿਨਲੈਂਡ ਅਤੇ ਆਈ.ਆਈ.ਐਮਜ਼ ਵਿਖੇ ਭੇਜਿਆ ਹੈ ਤਾਂ ਜੋ ਉਹ ਉਥੋਂ ਦੇ ਸਿੱਖਿਆਂ ਢਾਂਚੇ ਬਾਰੇ ਜਾਣ ਕੇ ਸੂਬੇ ਦੇ ਵਿਦਿਆਰਥੀਆਂ ਨੂੰ ਵੀ ਉਸੇ ਤਰਜ਼ ‘ਤੇ ਹੀ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।

ਉਨ੍ਹਾਂ ਨੇ ਪੰਜਾਬ ਵਿੱਚ ਉਪਲਬਧ ਵੱਖ-ਵੱਖ ਮੌਕਿਆਂ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ ਹੈ ਜਿਸਦਾ ਉਦੇਸ਼ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਾ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਡੇ ਟੀਚਿਆਂ ਦੀ ਪ੍ਰਾਪਤੀ ਵਾਸਤੇ ਤਿਆਰ ਕਰਨ ਲਈ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮਿੰਦਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਮਿਹਨਤ ਅਤੇ ਲਗਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਕੂਲ ਦਾ ਦੌਰਾ ਕਰਨ ਦੇ ਨਾਲ-ਨਾਲ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਾਫ਼-ਸਫ਼ਾਈ ਦਾ ਨਿਰੀਖਣ ਵੀ ਕੀਤਾ |

Punjab Govt Add Zero Bijli Bill English 300x250