
ਅੰਮ੍ਰਿਤਸਰ, 10 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜੱਥੇਦਾਰ ਬਣਾਇਆ ਗਿਆ ਹੈ। ਮੀਟਿੰਗ ਅੰਮ੍ਰਿਤਸਰ ਸਥਿਤ SGPC ਹੈੱਡਕੁਆਰਟਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ, ਜਿਸ ਦੀ ਪ੍ਰਧਾਨਗੀ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਮੰਨ ਲਿਆ ਗਿਆ ਹੈ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਸਮਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ SGPC ਮੈਂਬਰਾਂ ਨੇ ਫੈਸਲੇ ਦਾ ਵਿਰੋਧ ਵੀ ਕੀਤਾ, ਪਰ ਬਹੁਮਤ ਵਿੱਚ ਫੈਸਲਾ ਲਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਨੂੰ SGPC ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਸੀ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਚੱਲ ਰਹੀ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਕਥਿਤ ਫਰਜ਼ਾਂ ਦੀ ਉਲੰਘਣਾ ਅਤੇ ਪ੍ਰਸ਼ਾਸਨਿਕ ਅਨਿਯਮਤਤਾਵਾਂ ਦੀ ਜਾਂਚ ਲਈ SGPC ਨੇ ਜਾਂਚ ਕਮੇਟੀ ਦਾ ਗਠਨ ਕੀਤਾ ਸੀ।
ਮੀਟਿੰਗ ਵਿੱਚ ਕੁੱਲ 13 ਮੈਂਬਰਾਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚ ਵਿਰੋਧੀ ਧੜੇ ਦੇ ਅਮਰੀਕ ਸਿੰਘ, ਪਰਮਜੀਤ ਸਿੰਘ ਰਾਏਪੁਰ ਅਤੇ ਜਸਵੰਤ ਸਿੰਘ ਨੇ SGPC ਦੇ ਫੈਸਲਿਆਂ ਦਾ ਵਿਰੋਧ ਕੀਤਾ। ਪਰਮਜੀਤ ਸਿੰਘ ਰਾਏਪੁਰ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਅਤੇ ਹੋਰ ਦੋਵੇਂ ਮੈਂਬਰਾਂ ਵੱਲੋਂ ਵਿਰੋਧ ਜਤਾਇਆ ਗਿਆ ਸੀ, ਜਿਸ ਵਿੱਚ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੇ ਫੈਸਲੇ ਦੀ ਗੱਲ ਕਹੀ ਗਈ ਸੀ। ਗਿਆਨੀ ਰਘਬੀਰ ਸਿੰਘ ਨੇ ਸਾਫ਼ ਕਿਹਾ ਸੀ ਕਿ ਜੱਥੇਦਾਰ ‘ਤੇ ਕਾਰਵਾਈ SGPC ਦਾ ਅਧਿਕਾਰ ਖੇਤਰ ਨਹੀਂ ਹੈ ਅਤੇ ਮਰਯਾਦਾ ਵਿੱਚ ਰਹਿ ਕੇ ਹੀ ਕਾਰਵਾਈ ਕੀਤੀ ਜਾਵੇ। ਵਿਰੋਧੀ ਮੈਂਬਰਾਂ ਨੇ ਇਸ ਕਾਰਵਾਈ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਤਿੰਨਾਂ ਮੈਂਬਰਾਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਇਹ ਕਾਰਵਾਈ 2 ਦਸੰਬਰ ਦੇ ਫੈਸਲੇ ਨੂੰ ਲੈ ਕੇ ਕੀਤੀ ਗਈ ਹੈ। 2 ਦਸੰਬਰ ਨੂੰ ਉਨ੍ਹਾਂ ਨੇ ਸਖ਼ਤ ਫੈਸਲਾ ਲਿਆ ਸੀ, ਜੋ ਪੰਥ ਦੇ ਹਿੱਤ ਵਿੱਚ ਸੀ।
ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਾਸੀ ਗੁਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਸਦੀ ਸ਼ਾਦੀ ਜੱਥੇਦਾਰ ਦੀ ਸਾਲੀ ਨਾਲ ਹੋਈ ਹੈ। ਉਸਨੇ 16 ਦਸੰਬਰ 2024 ਨੂੰ SGPC ਪ੍ਰਧਾਨ ਦੇ ਸਾਹਮਣੇ ਜੱਥੇਦਾਰ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਜੱਥੇਦਾਰ ਨੇ ਉਨ੍ਹਾਂ ਦੇ ਵਿਆਹੁਤਾ ਜੀਵਨ ਵਿੱਚ ਦਖ਼ਲਅੰਦਾਜ਼ੀ ਕੀਤੀ ਅਤੇ ਉਨ੍ਹਾਂ ਦੀ ਪਤਨੀ ਨੂੰ ਭਰਮਾਇਆ, ਜਿਸ ਕਾਰਨ ਉਨ੍ਹਾਂ ਦਾ ਤਲਾਕ ਹੋ ਗਿਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਜੱਥੇਦਾਰ ਨੇ ਉਨ੍ਹਾਂ ਨੂੰ ਪਰੇਸ਼ਾਨ ਕਰਨ ਲਈ ਆਪਣੇ ਪ੍ਰਭਾਵ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਨੂੰ ਅਦਾਲਤੀ ਮਾਮਲਿਆਂ ਵਿੱਚ ਉਲਝਾਇਆ। ਉਨ੍ਹਾਂ ਨੇ ਅੱਗੇ ਦੋਸ਼ ਲਾਇਆ ਕਿ ਉਹ SGPC ਦੇ ਕਰਮਚਾਰੀ ਸਨ, ਪਰ ਉਸਦੀ ਨੌਕਰੀ ਚਲੀ ਗਈ।