Thursday, November 12Malwa News
Shadow

ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਖਨੌਰੀ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ

ਖਨੌਰੀ (ਸੰਗਰੂਰ), 12 ਨਵੰਬਰ

ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅੱਜ ਨਗਰ ਪੰਚਾਇਤ ਖਨੌਰੀ ਵਿਖੇ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ, ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਕਰਮਚਾਰੀਆਂ ਦੀਆਂ ਕੰਮਕਾਜੀ ਹਾਲਤਾਂ, ਸੇਵਾ ਸਬੰਧੀ ਮੰਗਾਂ ਅਤੇ ਭਲਾਈ ਯੋਜਨਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬਾ ਅਤੇ ਕੇਂਦਰ ਸਰਕਾਰ ਦੇ ਪੱਧਰ ’ਤੇ ਵਿਚਾਰ ਅਧੀਨ ਲਿਆਂਦੇ ਜਾਣ ਵਾਲੇ ਮਾਮਲਿਆਂ ਦੀ ਕਮਿਸ਼ਨ ਵੱਲੋਂ ਪਹਿਲ ਦੇ ਆਧਾਰ ’ਤੇ ਪੈਰਵੀ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਹਰਦੀਪ ਸਿੰਘ ਗਿੱਲ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ, ਮੈਨੂਅਲ ਸਕੈਵੇਂਜਿੰਗ ਦੀ ਰੋਕਥਾਮ ਸਬੰਧੀ 2013 ਦੇ ਕਾਨੂੰਨ ਅਤੇ ਕੇਂਦਰ ਸਰਕਾਰ ਦੀ ‘ਨਮਸਤੇ’ ਯੋਜਨਾ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਦੀ ਸਫ਼ਾਈ ਲਈ ਮਸ਼ੀਨਾਂ ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਕਰਮਚਾਰੀ ਨੂੰ ਸੀਵਰ ਵਿੱਚ ਉਤਰ ਕੇ ਜਾਂ ਹੱਥੀਂ ਗੰਦਗੀ ਸਾਫ਼ ਕਰਨ ਲਈ ਮਜਬੂਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਅਧਿਕਾਰੀਆਂ ਨੇ ਦੱਸਿਆ ਕਿ ‘ਨਮਸਤੇ’ ਯੋਜਨਾ ਤਹਿਤ ਸਫ਼ਾਈ ਕਰਮਚਾਰੀਆਂ ਨੂੰ ਵਿਸ਼ੇਸ਼ ਸੁਰੱਖਿਆ ਸਿਖਲਾਈ ਦਿੱਤੀ ਜਾ ਚੁੱਕੀ ਹੈ। ਵਾਈਸ ਚੇਅਰਮੈਨ ਨੇ ਕੰਮ ਦੌਰਾਨ ਲੋੜੀਂਦੇ ਸੁਰੱਖਿਆ ਉਪਕਰਨਾਂ ਦੀ ਉਪਲਬਧਤਾ ਅਤੇ ਉਨ੍ਹਾਂ ਦੀ ਵਰਤੋਂ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਸੀਵਰੇਜ ਦੀ ਸਫ਼ਾਈ ਦੌਰਾਨ ਵਾਪਰਨ ਵਾਲੇ ਹਾਦਸਿਆਂ ਨਾਲ ਸਬੰਧਤ ਮੁਆਵਜ਼ੇ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ ਦੇ ਮਾਮਲਿਆਂ ਨੂੰ ਲਾਗੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੇਂ ਸਿਰ ਨਿਪਟਾਉਣ ਬਾਰੇ ਵੀ ਚਰਚਾ ਹੋਈ।

ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਨਗਰ ਪੰਚਾਇਤ ਵੱਲੋਂ ਉਨ੍ਹਾਂ ਨੂੰ ਹਰ ਮਹੀਨੇ ਸਮੇਂ ਸਿਰ ਤਨਖ਼ਾਹ ਦਿੱਤੀ ਜਾ ਰਹੀ ਹੈ। ਮੀਟਿੰਗ ਵਿੱਚ ਭਵਿੱਖ ਨਿਧੀ (ਪੀ.ਐੱਫ਼.) ਦੀ ਕਟੌਤੀ ਅਤੇ ਜਮ੍ਹਾਂ ਰਾਸ਼ੀ ਦਾ ਰਿਕਾਰਡ ਪਾਰਦਰਸ਼ੀ ਰੱਖਣ, ਕਰਮਚਾਰੀਆਂ ਨੂੰ ਪਾਸਬੁੱਕ ਮੁਹੱਈਆ ਕਰਵਾਉਣ ਅਤੇ ਰਿਕਾਰਡ ਸਮੇਂ ਸਿਰ ਅੱਪਡੇਟ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਇਸ ਤੋਂ ਇਲਾਵਾ, ਕਰਮਚਾਰੀਆਂ ਨੂੰ ਕਰਜ਼ਾ ਲੈਣ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀ ਤਰਸ ਦੇ ਆਧਾਰ ’ਤੇ ਨਿਯੁਕਤੀ ਨਾਲ ਸਬੰਧਤ ਲੰਬਿਤ ਮਾਮਲੇ ਵੀ ਵਾਈਸ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੇ ਗਏ। ਸਬੰਧਤ ਅਧਿਕਾਰੀਆਂ ਨੇ ਲੋੜੀਂਦੇ ਦਸਤਾਵੇਜ਼ ਅਤੇ ਮਤੇ ਦੀ ਕਾਪੀ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਯੂਨੀਅਨ ਦੇ ਨੁਮਾਇੰਦਿਆਂ ਨੇ 11 ਤੋਂ 12 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਵੀ ਰੱਖੀ। ਮੀਟਿੰਗ ਵਿੱਚ ਦੱਸਿਆ ਗਿਆ ਕਿ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਨਿਯਮਤ ਕਰਨ ਸਬੰਧੀ ਮਤਾ ਪਾਸ ਕਰਕੇ ਭੇਜਿਆ ਜਾ ਚੁੱਕਾ ਹੈ। ਆਊਟਸੋਰਸ ਮੁਲਾਜ਼ਮਾਂ ਸਬੰਧੀ ਮਤੇ ’ਤੇ ਵਿਚਾਰ ਕਰਨ ਲਈ ਨਗਰ ਪੰਚਾਇਤ ਵੱਲੋਂ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ। ਵਾਈਸ ਚੇਅਰਮੈਨ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਜਲਦੀ ਮੁਕੰਮਲ ਕਰਕੇ ਮਾਮਲੇ ਸਮਰੱਥ ਅਥਾਰਟੀ ਕੋਲ ਭੇਜਣ ਲਈ ਕਿਹਾ।

ਹਰਦੀਪ ਸਿੰਘ ਗਿੱਲ ਨੇ ਨਗਰ ਪੰਚਾਇਤ ਦੇ ਅਧਿਕਾਰੀਆਂ ਤੋਂ ਖਨੌਰੀ ਦੇ ਵਿਕਾਸ ਕਾਰਜਾਂ, ਸੀਵਰੇਜ ਪ੍ਰਬੰਧਾਂ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦ ਕਰ ਦੀ ਉਗਰਾਹੀ ਅਤੇ ਸ਼ਹਿਰ ਦੀ ਸਫ਼ਾਈ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ‘ਪ੍ਰਧਾਨ ਮੰਤਰੀ ਆਵਾਸ ਯੋਜਨਾ’ ਤਹਿਤ ਯੋਗ ਸਫ਼ਾਈ ਕਰਮਚਾਰੀਆਂ ਦੀਆਂ ਅਰਜ਼ੀਆਂ ਨਾਲ ਸਬੰਧਤ ਫ਼ਾਈਲਾਂ ਜਲਦੀ ਮੁਕੰਮਲ ਕਰਨ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਯੋਗ ਕਰਮਚਾਰੀਆਂ ਤੱਕ ਪਹੁੰਚਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਅਤੇ ਸਥਾਨਕ ਨੁਮਾਇੰਦਿਆਂ ਨੇ ਹਰਦੀਪ ਸਿੰਘ ਗਿੱਲ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ। ਯੂਨੀਅਨ ਆਗੂਆਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਵਾਈਸ ਚੇਅਰਮੈਨ ਦਾ ਧੰਨਵਾਦ ਕੀਤਾ। 

ਇਸ ਮੌਕੇ ਐੱਸ ਡੀ ਐਮ ਮੂਨਕ ਪ੍ਰਗਤੀ ਰਾਣੀ, ਨਗਰ ਪੰਚਾਇਤ ਦੇ ਅਧਿਕਾਰੀ, ਕੌਂਸਲਰ, ਸਥਾਨਕ ਪ੍ਰਸ਼ਾਸਨ ਦੇ ਨੁਮਾਇੰਦੇ, ਇੰਸਪੈਕਟਰ ਇੰਚਾਰਜ ਹਰਦੀਪ ਸਿੰਘ, ਰਾਂਝਾ ਬਖ਼ਸ਼ੀ, ਪਾਤੜਾਂ ਤੋਂ ਪਹੁੰਚੇ ਯੂਨੀਅਨ ਆਗੂ ਅਤੇ ਵੱਡੀ ਗਿਣਤੀ ਵਿੱਚ ਸਫ਼ਾਈ ਕਰਮਚਾਰੀ ਹਾਜ਼ਰ ਸਨ।