ਚੰਡੀਗੜ੍ਹ,1 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ ।
ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖੀ ਟੀਚਿਆਂ ਨੂੰ ਸਰ ਕਰਨ ਲਈ ਸਮਾਂ-ਸਾਰਣੀ ਬਣਾ ਕੇ ਮਿਹਨਤ ਕਰਨ ਦੀ ਸਲਾਹ ਦਿੱਤੀ।
ਕੈਬਨਿਟ ਮੰਤਰੀ ਨੇ ਸਕੂਲ ਦੇ ਅਧਿਆਪਕਾਂ ਨੂੰ ਹੁਕਮ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਪ੍ਰਤੀ ਵੀ ਜਾਗਰੂਕ ਕਰਨ ਤਾਂ ਜੋ ਸਾਡੇ ਵਿਦਿਆਰਥੀ ਵਧੀਆ ਨਾਗਰਿਕ ਬਣਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਉਸਾਰੀ ਅਧੀਨ ਨਵੇਂ ਕਮਰਿਆਂ,ਖੇਡ ਮੈਦਾਨ, ਪਖ਼ਾਨੇ, ਲਾਇਬਰੇਰੀ ਅਤੇ ਲੈਬੋਰਿਟਰੀ ਦਾ ਵੀ ਜਾਇਜ਼ਾ ਲਿਆ।
ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਆਈਟੀਆਈ ਲਾਲੜੂ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਆਈਟੀਆਈ ਦੀਆਂ ਵੱਖ-ਵੱਖ ਵਰਕਸ਼ਾਪਾਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਮੌਕੇ ਆਈਟੀਆਈ ਦੇ ਇੰਸਟ੍ਰਕਟਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਈਟੀਆਈ ਵਿਦਿਆਰਥੀਆਂ ਦੀ ਪਲੇਸਮੈਂਟ ਵੱਲ ਵਿਸ਼ੇਸ਼ ਧਿਆਨ ਦੇਣ ਦਾ ਹੁਕਮ ਦਿੱਤਾ।