
ਹੁਸ਼ਿਆਰਪੁਰ, 26 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਜਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪੁਲੀਸ ਲਾਈਨ ਵਿਖੇ ਕਰਵਾਏ ਗਏ ਗਣਤੰਤਰ ਦਿਵਸ ਸਮਾਗਮ ਦੌਰਾਨ ਪੁਲੀਸ ਵਲੋਂ ਕੀਤੀ ਗਈ ਪਰੇਡ ਤੋਂ ਸਲਾਮੀ ਵੀ ਲਈ। ਇਸ ਮੌਕੇ ਸ੍ਰੀ ਬੈਂਸ ਨੇ ਆਜਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅੱਜ ਦੇ ਦਿਨ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋ ਗਈ ਸੀ, ਜਿਸ ਕਾਰਨ ਭਾਰਤ ਨੂੰ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਮਹਿਸੂਸ ਹੋਇਆ ਹੈ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ।
ਇਸ ਮੌਕੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ 34 ਮਹੀਨਿਆਂ ਦੌਰਾਨ ਪੰਜਾਬ ਦੀ ਸਰਕਾਰ ਨੇ ਸੂਬੇ ਦੇ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਸਰਕਾਰ ਵਲੋਂ ਚੱਲ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਇਸੇ ਤਰਾਂ ਜਾਰੀ ਰਹਿਣਗੀਆਂ ਅਤੇ ਅਗਲੇ ਸਮੇਂ ਵਿਚ ਸਰਕਾਰ ਵਲੋਂ ਹੋਰ ਦ੍ਰਿੜਤਾ ਨਾਲ ਕੰਮ ਕੀਤਾ ਜਾਵੇਗਾ।