
ਸੰਗਰੂਰ, 26 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੁਲੀਸ ਲਾਈਨ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀਆਂ ਤਿੰਨੇ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਅਤੇ ਯੋਧਿਆਂ ਦੀ ਬਦੌਲਤ ਹੀ ਅਸੀਂ ਆਜਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਯਤਨਸ਼ੀਲ ਹੈ। ਪੰਜਾਬ ਸਰਕਾਰ ਵਲੋਂ ਸੰਗਰੂਰ ਜਿਲੇ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਪਿੰਡ ਖੇੜੀ ਵਿਚ 29 ਕਰੋੜ ਦੀ ਲਾਗਤ ਨਾਲ ਸੀ ਪਾਈਟ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ। ਇਸੇ ਤਰਾਂ ਜਿਲੇ ਦੇ ਪਿੰਡਾਂ ਵਿਚ 35 ਅਤੇ ਸ਼ਹਿਰਾਂ ਵਿਚ 11 ਆਮ ਆਦਮੀ ਕਲੀਨਿਕ ਬਣਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦਿੜ੍ਹਬਾ ਵਿਖੇ 11 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਸਿਹਤ ਕੇਂਦਰ ਉਸਾਰਿਆ ਗਿਆ ਹੈ। ਇਸ ਮੌਕੇ ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਅਤੇ ਅੰਗਹੀਣਾ ਨੂੰ ਟਰਾਈ ਸਾਈਕਲ ਵੀ ਵੰਡੇ ਗਏ।