ਚੰਡੀਗੜ੍ਹ, 6 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਦਾ ਸਮਰੱਥਨ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਦੇਸ਼ ਦੀ ਤਰੱਕੀ ਦਾ ਧੁਰਾ ਹਨ, ਇਸ ਲਈ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਠੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
ਅੱਜ ਇਥੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਿਛਲੇ 10 ਮਹੀਨੇ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਨ ਅੰਦੋਲਨ ਕਰ ਰਹੇ ਹਨ। ਪੰਜਾਬ ਸਰਕਾਰ ਨੇ ਵੀ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਕਈ ਵਾਰ ਕੇਂਦਰ ਸਰਕਾਰ ਨੂੰ ਅਪੀਲਾਂ ਕੀਤੀਆਂ ਹਨ। ਇਥੋਂ ਤੱਕ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਕਈ ਵਾਰ ਵਿਚੋਲਗੀ ਦੀ ਪੇਸ਼ਕਸ਼ ਵੀ ਕੀਤੀ ਹੈ ਤਾਂ ਜੋ ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਸਿਰੇ ਚੜ੍ਹਾ ਸਕੇ। ਪਰ ਹਮੇਸ਼ਾਂ ਕੇਂਦਰ ਸਰਕਾਰ ਦਾ ਰਵਈਆ ਨਾਂਹਪੱਖੀ ਹੀ ਰਿਹਾ ਹੈ।
ਅਮਨ ਅਰੋੜਾ ਨੇ ਕਿਸਾਨਾਂ ਦੇ ਅੰਦੋਲਨ ਖਿਲਾਫ ਮਨਾਹੀ ਦੇ ਹੁਕਮ ਜਾਰੀ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਇਕੋ ਜਿਹੀਆਂ ਹੀ ਸਮੱਸਿਆਵਾਂ ਹਨ। ਇਸ ਲਈ ਹਰਿਆਣਾ ਸਰਕਾਰ ਨੂੰ ਵੀ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਜੇਕਰ ਹਰਿਆਣਾ ਸਰਕਾਰ ਨੇ ਹੀ ਕਿਸਾਨਾਂ ਦਾ ਸਾਥ ਨਾ ਦਿੱਤਾ ਤਾਂ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਕਿਵੇਂ ਸੁਣੇਗੀ। ਉਨ੍ਹਾਂ ਨੇ ਭਾਰਤੀ ਜਨਤਾ ਪਰਟੀ ਵਲੋਂ ਕਿਸਾਨ ਵਿਰੋਧੀ ਰਵਈਆ ਅਪਣਾਉਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਜੋ ਪੂਰੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ। ਉਨ੍ਹਾਂ ਨੇ ਕਿਹਾ ਕਿ ਜੇਕਰ ਹਰਿਆਣਾ ਅਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਖਿਲਾਫ ਕੋਈ ਐਕਸ਼ਨ ਲਿਆ ਤਾਂ ਇਸ ਨਾਲ ਟਕਰਾਅ ਪੈਦਾ ਹੋ ਸਕਦਾ ਹੈ ਅਤੇ ਹਾਲਾਤ ਵਿਗੜ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਇੱਛਾ ਹੈ ਕਿ ਕਿਸਾਨਾਂ ਦੇ ਮਸਲਿਆਂ ਨੂੰ ਸ਼ਾਂਤੀਪੂਰਨ ਢੰਗ ਨਾਲ ਹੱਲ ਕੀਤਾ ਜਾਵੇ। ਕੇਂਦਰ ਸਰਕਾਰ ਵਲੋਂ ਕਿਸਾਨਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ ਸੰਵਿਧਾਨਕ ਦੱਸਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀ ਆਵਾਜ ਉਠਾਉਣ ਦਾ ਅਧਿਕਾਰ ਹੈ। ਪਰ ਕੇਂਦਰ ਸਰਕਾਰ ਵਲੋਂ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਆਪਣੇ ਦੇਸ਼ ਦੀ ਹੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਕੇਂਦਰ ਸਰਕਾਰ ਦੀਆਂ ਸੁਰੱਖਿਆ ਫੋਰਸਾਂ ਵਲੋਂ ਆਪਣੇ ਦੇਸ਼ ਦੇ ਨਾਗਰਿਕਾਂ ‘ਤੇ ਹੀ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਇਹ ਸੱਤਾ ਦੀ ਸ਼ਰੇਆਮ ਦੁਰਵਰਤੋਂ ਹੈ।
ਅਮਨ ਅਰੋੜਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕਿਸਾਨ ਦੇਸ਼ ਦਾ ਬਹੁਤ ਵੱਡਾ ਅੰਗ ਹਨ। ਇਸ ਲਈ ਨਵੀਂ ਦਿੱਲੀ ਜੋ ਦੇਸ਼ ਦੀ ਰਾਜਧਾਨੀ ਹੈ, ਇਸ ਰਾਜਧਾਨੀ ਵਿਚ ਦਾਲਖ ਹੋਣ ਦਾ ਦੇਸ਼ ਦੇ ਹਰ ਨਾਗਰਿਕ ਨੂੰ ਅਧਿਕਾਰ ਹੈ। ਫਿਰ ਕਿਸਾਨਾਂ ਨੂੰ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣਾ ਬਹੁਤ ਵੱਡਾ ਗੁਨਾਹ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਕਿਸਾਨਾਂ ਨਾਲ ਗੱਲਬਾਤ ਦਾ ਰਸਤਾ ਤੈਅ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੂੰ ਆਪਣੀ ਕਿਸਾਨਾਂ ਪ੍ਰਤੀ ਸੋਚ ਬਦਲਣੀ ਚਾਹੀਦੀ ਹੈ। ਭਾਜਪਾ ਤਾਂ ਕਿਸਾਨਾਂ ਨੂੰ ਆਪਣੇ ਦੁਸ਼ਮਣ ਸਮਝਦੀ ਹੈ, ਜੋ ਲੋਕਤੰਤਰ ਵਿਚ ਚੰਗੀ ਗੱਲ
ਨਹੀਂ ਹੈ।
ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਕਿਸਾਨਾਂ ਦੇ ਮਸਲਿਆਂ ਦਾ ਤੁਰੰਤ ਹੱਲ ਕਰਨ ਦੀ ਲੋੜ ‘ਤੇ ਜੋਰ ਦਿੰਦਿਆਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਵਰਤੇ ਜਾ ਰਹੇ ਦੁਸ਼ਮਣਾ ਵਾਲੇ ਵਤੀਰੇ ਦੀ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਤੋਂ ਬਿਨਾਂ ਮਨੁੱਖ ਦਾ ਜੀਵਤ ਰਹਿਣਾ ਹੀ ਅਸੰਭਵ ਹੈ। ਪਰ ਭਾਜਪਾ ਵਲੋਂ ਹਮੇਸ਼ਾਂ ਕਿਸਾਨਾਂ ਨਾਲ ਵਿਤਕਰਾ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦੀਆਂ ਹਰ ਤਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪਰ ਕਿਸਾਨਾਂ ਦੇ ਮਸਲਿਆਂ ਦੇ ਮਾਮਲੇ ਵਿਚ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਬਿੱਲਕੁੱਲ ਵੀ ਸਹਿਯੋਗ ਨਹੀਂ ਕੀਤਾ ਜਾ ਰਿਹਾ।