Monday, February 9Malwa News
Shadow

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ

ਰੂਪਨਗਰ, 09 ਫਰਵਰੀ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026’ ਸ਼ੁਰੂ ਕੀਤੀ ਗਈ ਹੈ ਜਿਸ ਦੇ ਹਿੱਸੇ ਵਜੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਸਿਹਤ ਚੈਕਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ 400 ਤੋਂ ਵੱਧ ਲਾਭਪਾਤਰੀ ਸ਼ਾਮਲ ਹੋਏ।

ਇਸ ਕੈਂਪ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਮਾਹਰ ਡਾਕਟਰਾਂ ਦੀ ਟੀਮਾਂ ਵੱਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐਨਸੀਡੀ ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈਕ-ਅੱਪ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਰੋਗ/ਕਲੀਨਿਕਲ ਮਨੋਵਿਗਿਆਨਕ ਮੁਲਾਂਕਣ ਸਬੰਧੀ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਵੰਡੀਆਂ ਗਈਆਂ।

ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਦੱਸਿਆ ਕਿ ਇਸ ਤੋਂ ਇਲਾਵਾਂ ਇਸ ਕੈਪ ਵਿੱਚ ਪੈਨਸ਼ਨ ਸਕੀਮਾਂ ਦੇ ਫਾਰਮ ਅਤੇ ਸੀਨੀਅਰ ਸਿਟੀਜਨ ਕਾਰਡ ਵੀ ਬਣਾਏ ਗਏ।ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਬਣਾਏ ਜਾ ਰਹੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੇ 38 ਕਾਰਡ ਵੀ ਬਣਾਏ ਗਏ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਦੇ ਕੈਂਪ 11 ਫਰਵਰੀ ਨੂੰ ਪੰਚਾਇਤ ਘਰ ਅਗੰਮਪੁਰ ਵਿਖੇ, 13 ਫਰਵਰੀ ਨੂੰ ਸਿਵਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ, 17 ਫਰਵਰੀ ਨੂੰ ਸਿਵਲ ਹਸਪਤਾਲ ਮੋਰਿੰਡਾ ਵਿਖੇ ਅਤੇ 19 ਫਰਵਰੀ ਨੂੰ ਸਿਵਲ ਹਸਪਤਾਲ ਨੂਰਪੁਰ ਬੇਦੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 02 ਵਜੇ ਤੱਕ ਲਗਾਏ ਜਾਣਗੇ। 

ਉਨ੍ਹਾਂ ਨੇ ਜ਼ਿਲ੍ਹਾ ਰੂਪਨਗਰ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਇਸ ਕੈਂਪ ਵਿੱਚ ਲਿਆਉਣ ਅਤੇ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਉਠਾਉਣ ਸਕਣ।

ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਨੇ ਵੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ 

‘ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਲੱਗਣ ਵਾਲੇ ਇਨ੍ਹਾਂ ਕੈਂਪਾਂ ਵਿੱਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ’ ਵੀ ਬਣਾਏ ਜਾਣਗੇ।

ਇਸ ਮੌਕੇ ਸਿਹਤ ਵਿਭਾਗ ਤੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਹੱਡੀਆਂ ਦੇ ਮਾਹਿਰ ਡਾ. ਸਿਮਰਨਜੋਤ ਸਿੰਘ ਬੇਦੀ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।