
ਕੀਰਤਪੁਰ ਸਾਹਿਬ 15 ਦਸੰਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਅਤੇ ਸਿਹਤ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੋਦੀਮਾਜਰਾ ਦੇ ਵਿਦਿਆਰਥੀਆਂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਦਾ ਸਿੱਖਿਆਤਮਕ ਦੌਰਾ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਹਸਪਤਾਲ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬੀ.ਈ.ਈ ਸਾਹਿਲ ਸੁਖੇਰਾ ਅਤੇ ਹੈਲਥ ਸੁਪਰਵਾਈਜ਼ਰ ਪਾਲ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਮੁੱਖ ਸਕੀਮਾਂ, ਰੋਕਥਾਮੀ ਸਿਹਤ ਸੇਵਾਵਾਂ, ਸਾਫ਼-ਸਫ਼ਾਈ, ਪੋਸ਼ਣ ਅਤੇ ਸਿਹਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਕਿ ਉਹ ਮਿਲੀ ਹੋਈ ਜਾਣਕਾਰੀ ਆਪਣੇ ਪਰਿਵਾਰ ਅਤੇ ਸਮਾਜ ਤੱਕ ਪਹੁੰਚਾਉਣ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਆਨੰਦ ਘਈ ਨੇ ਕਿਹਾ ਕਿ ਅਜਿਹੇ ਸਿੱਖਿਆਤਮਕ ਦੌਰੇ ਵਿਦਿਆਰਥੀਆਂ ਨੂੰ ਸਿਹਤ ਪ੍ਰਣਾਲੀ ਨਾਲ ਨਜ਼ਦੀਕੋਂ ਜੋੜਦੇ ਹਨ ਅਤੇ ਉਨ੍ਹਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਨੌਜਵਾਨਾਂ ਦੀ ਸਹੀ ਸਿਹਤ ਜਾਣਕਾਰੀ ਨਾਲ ਹੀ ਰੱਖੀ ਜਾ ਸਕਦੀ ਹੈ।
ਇਸ ਦੌਰੇ ਦੌਰਾਨ ਡਾ.ਸੁਖਦੀਪ ਕੌਰ ਮੈਡੀਕਲ ਅਫ਼ਸਰ, ਨਰਿੰਦਰ ਕੌਰ ਅਧਿਆਪਕਾ, ਰੁਪਿੰਦਰ ਕੌਰ ਸਟਾਫ਼ ਹਾਜ਼ਰ ਸਨ।