Friday, September 19Malwa News
Shadow

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਸਤੰਬਰ (      ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਅਤੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਦਿੱਤੇ ਗਏ। ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਕਲਾਨੌਰ ਮੈਡਮ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ.ਡੀ.ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਦੌਰੇ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਉਨ੍ਹਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਘਰਾਂ ਵਿੱਚ ਗਏ ਜਿਨ੍ਹਾਂ ਦਾ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਹੜ੍ਹ ਪੀੜ੍ਹਤਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਪੂਰੀ ਪੰਜਾਬ ਸਰਕਾਰ ਅਤੇ ਪੰਜਾਬੀ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਇਹ ਉਨ੍ਹਾਂ ਦਾ ਦੂਜਾ ਦੌਰਾ ਹੈ ਅਤੇ ਉਹ ਜਦੋਂ 31 ਅਗਸਤ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਏ ਸਨ ਤਾਂ ਉਨ੍ਹਾਂ ਨੂੰ ਕਈ ਪਰਿਵਾਰ ਮਿਲੇ ਸਨ ਜਿਨ੍ਹਾਂ ਦੇ ਘਰ ਪਾਣੀ ਵਿੱਚ ਡੁੱਬ ਗਏ ਸਨ ਅਤੇ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਸੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਓਥੇ ਉਨ੍ਹਾਂ ਵੱਲੋਂ ਆਪਣੇ ਵੱਲੋਂ ਆਪਣੇ ਦੋਸਤਾਂ ਦੇ ਸਹਿਯੋਗ ਨਾਲ ਵੀ ਹੜ੍ਹ ਪੀੜ੍ਹਤਾਂ ਦੀ ਆਰਥਿਕ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇ 10 ਚੈੱਕ ਦਿੱਤੇ ਗਏ ਹਨ ਜਦਕਿ ਬੀਤੇ ਕੱਲ੍ਹ ਪਠਾਨਕੋਟ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ 10 ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਪੱਖੋਂ ਕੋਈ ਕਮੀਂ ਨਾ ਰਹੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਜਾਂਚ ਕਰ ਰਹੀਆਂ ਹਨ ਅਤੇ ਪੀਣ ਵਾਲੇ ਪਾਣੀ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਨਾਲ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰ ਕੋਈ ਬਿਮਾਰੀ ਨਾ ਫੈਲੇ ਇਸ ਲਈ ਸਿਹਤ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਿਹਤ ਅਮਲੇ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੰਪ ਦੇ ਡੰਗਣ ਦੇ ਕੇਸ ਵੀ ਸਾਹਮਣੇ ਆ ਰਹੇ ਹਨ, ਇਸ ਲਈ ਸਿਹਤ ਵਿਭਾਗ ਵੱਲੋਂ ਏਨ੍ਹਾਂ ਖੇਤਰਾਂ ਵਿੱਚ ਐਂਟੀ ਸਨੇਕ ਵੈਨਮ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਸਿਹਤ ਸਬੰਧੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ਉੱਪਰ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਲਗਾਏ ਮੈਡੀਕਲ ਕੈਂਪਾਂ ਦਾ ਨਿਰੀਖਣ ਵੀ ਕੀਤਾ ਅਤੇ ਸਿਹਤ ਵਿਭਾਗ ਦੇ ਸਮੁੱਚੇ ਅਮਲੇ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸ਼ਾਬਾਸ਼ੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪਾਂ ਦਾ ਘੇਰਾ ਹੋਰ ਵੀ ਵਧਾਇਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਇਸ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਪਣੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ ਦੇ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜਿੱਥੇ ਪੰਜਾਬ ਸਰਕਾਰ ਦੀ ਤਰਫੋਂ ਹੜ੍ਹ ਪੀੜ੍ਹਤਾਂ ਨੂੰ ਰਾਹਤ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਓਥੇ ਉਨ੍ਹਾਂ ਨੇ ਆਪਣੀ ਜੇਬ ਵਿੱਚੋਂ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਤੱਕ ਪਹੁੰਚ ਕਰਕੇ ਉਸ ਦੀ ਵੱਧ ਤੋਂ ਵੱਧ ਸਹਾਇਤ ਕੀਤੀ ਜਾ ਰਹੀ ਹੈ।