ਚੰਡੀਗੜ੍ਹ 14 ਅਕਤੂਬਰ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਕ ਅਹਿਮ ਫੈਸਲਾ ਸੁਣਾਉ਼ਦਿਆਂ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤ ਚੋਣਾ ਸਬੰਧੀ ਦਾਇਰ ਕੀਤੀਆਂ ਗਈਆਂ ਸਾਰੀਆਂ ਹੀ 700 ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਪਿਛਲੇ ਦਿਨਾਂ ਵਿਚ ਜਿਨ੍ਹਾਂ ਪਿੰਡਾਂ ਦੀਆਂ ਪੰਚਾਇਤ ਚੋਣਾ ‘ਤੇ ਰੋਕ ਲਗਾਈ ਗਈ ਸੀ, ਉਹ ਰੋਕ ਵੀ ਹਟਾ ਦਿੱਤੀ ਗਈ ਹੈ। ਹੁਣ ਪੰਜਾਬ ਦੇ ਸਾਰੇ ਹੀ ਪਿੰਡਾਂ ਵਿਚ ਪੰਚਾਇਤਾਂ ਲਈ ਚੋਣਾ ਹੋਣਗੀਆਂ।
ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪੰਚਾਇਤ ਚੋਣਾ ਸਬੰਧੀ ਦਾਇਰ ਕੀਤੀਆਂ ਗਈਆਂ 700 ਪਟੀਸ਼ਨਾਂ ‘ਤੇ ਸੁਣਵਾਈ ਕੀਤੀ ਗਈ। ਇਸ ਦੌਰਾਨ ਅਦਾਲਤ ਨੇ ਸਾਰੀਆਂ ਪਟੀਸ਼ਨਾਂ ਹੀ ਰੱਦ ਕਰਕੇ ਚੋਣ ਅਮਲ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਨਾਲ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਤੁਹਾਨੂੰ ਦੱਸ ਦੇਈਆਂ ਪੰਜਾਬ ਵਿਚਲੀਆਂ ਪੰਚਾਇਤ ਚੋਣਾ ਲਈ ਭਾਵੇਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਸੀ ਦਖਲ ਅੰਦਾਜ਼ੀ ਨਾ ਕਰਨ ਦੀ ਅਪੀਲ ਕੀਤੀ ਸੀ, ਪਰ ਫਿਰ ਵੀ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਪੂਰੀ ਦਖਲ ਅੰਦਾਜ਼ੀ ਕੀਤੀ ਜਾ ਰਹੀ ਸੀ। ਇਸੇ ਦਖਲ ਅੰਦਾਜ਼ੀ ਕਾਰਨ ਹੀ ਵਿਰੋਧੀ ਪਾਰਟੀਆਂ ਵਲੋਂ ਅਨੇਕਾਂ ਪਿੰਡਾਂ ਦੇ ਆਗੂਆਂ ਵਲੋਂ ਹਾਈ ਕੋਰਟ ਵਿਚ ਪਟੀਸ਼ਨਾਂ ਦਾਇਰ ਕਰਵਾ ਦਿੱਤੀਆਂ ਗਈਆਂ ਸਨ। ਪਿਛਲੇ ਦਿਨੀਂ ਹਾਈ ਕੋਰਟ ਨੇ ਕੁੱਝ ਪਿੰਡਾਂ ਦੀਆਂ ਚੋਣਾ ‘ਤੇ ਰੋਕ ਲਗਾ ਦਿੱਤੀ ਸੀ। ਪਰ ਅੱਜ ਅਦਾਲਤ ਨੇ ਸਾਰੀਆਂ ਪਟੀਸ਼ਨਾਂ ਰੱਦ ਕਰਦਿਆਂ ਚੋਣ ਅਮਲ ਨੂੰ ਮੁਕੰਮਲ ਕਰਨ ਦੇ ਹੁਕਮ ਸੁਣਾ ਦਿੱਤੇ ਹਨ। ਇਸ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਰਾਹਤ ਮਿਲੀ ਹੈ ਅਤੇ ਕੱਲ੍ਹ ਹੋਣ ਵਾਲੀਆਂ ਚੋਣਾ ਮੁਕੰਮਲ ਕਰਨ ਵਿਚ ਸਹਾਰਾ ਮਿਲ ਗਿਆ ਹੈ।