
ਚੰਡੀਗੜ੍ਹ / ਲਾਡੋਵਾਲ (ਲੁਧਿਆਣਾ), 27 ਨਵੰਬਰ: ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਲਾਡੋਵਾਲ, ਲੁਧਿਆਣਾ ਵਿਖੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.) ਤਹਿਤ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਪ੍ਰਬੰਧਕੀ ਕੰਪਲੈਕਸ, ਬਾਗਬਾਨੀ ਵਿਕਾਸ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਹਾਈਟੈਕ ਪੌਲੀਹਾਊਸ ਯੂਨਿਟ ਦਾ ਉਦਘਾਟਨ ਕੀਤਾ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਖੇਤੀਬਾੜੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬਾਗਬਾਨੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗਬਾਨੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਤੇ ਵੱਧ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਅਪਣਾਉਣ ਲਈ ਉਤਸ਼ਾਹਿਤ ਕਰ ਰਹੀ ਹ ਹੈ।
ਇਸ ਪ੍ਰੋਜੈਕਟ ਅਧੀਨ ਪ੍ਰਬੰਧਕੀ ਕੰਪਲੈਕਸ, ਪਲਾਂਟ ਹੈਲਥ ਕਲੀਨਿਕ, ਚਾਰ ਹਾਈਟੈਕ ਪੌਲੀਹਾਊਸ, ਆਧੁਨਿਕ ਮਸ਼ੀਨਰੀ ਤੇ ਉਪਕਰਨਾਂ ਅਤੇ ਬੀਜ ਸਟੋਰ ਸ਼ੈੱਡ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਚਾਰ ਹਾਈਟੈਕ ਪੌਲੀਹਾਊਸਾਂ ਵਿੱਚੋਂ ਦੋ ਸਬਜ਼ੀਆਂ ਦੀਆਂ ਪਨੀਰੀਆਂ ਤਿਆਰ ਕਰਨ ਲਈ ਵਰਤੇ ਜਾਣਗੇ, ਜਿਨ੍ਹਾਂ ਦੀ ਸਾਲਾਨਾ ਉਤਪਾਦਨ ਸਮਰੱਥਾ ਲਗਭਗ 40 ਲੱਖ ਪਨੀਰੀਆਂ ਦੀ ਹੋਵੇਗੀ। ਬਾਕੀ ਦੋ ਪੌਲੀਹਾਊਸਾਂ ਵਿੱਚ ਅਮਰੂਦ ਦੀ ਨਰਸਰੀ ਤਿਆਰ ਕੀਤੀ ਜਾਵੇਗੀ, ਜਿਸ ਦੀ ਸਾਲਾਨਾ ਉਤਪਾਦਨ ਸਮਰੱਥਾ ਲਗਭਗ 50,000 ਬੂਟੇ ਹੋਵੇਗੀ।
ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਹੂਲਤਾਂ ਰਾਹੀਂ ਕਿਸਾਨਾਂ ਨੂੰ ਮਿਆਰੀ ਪੌਦ ਸਮੱਗਰੀ ਮੁਹੱਈਆ ਕਰਵਾਉਣ, ਵਿਗਿਆਨਕ ਕਾਸ਼ਤ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਦੀ ਉਤਪਾਦਕਤਾ ਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਪਲਾਂਟ ਹੈਲਥ ਕਲੀਨਿਕ ਰਾਹੀਂ ਪੌਦਿਆਂ ਦੀਆਂ ਬਿਮਾਰੀਆਂ, ਕੀਟਾਂ ਦੇ ਹਮਲਿਆਂ ਅਤੇ ਫ਼ਸਲਾਂ ਨਾਲ ਸਬੰਧਤ ਹੋਰ ਸਮੱਸਿਆਵਾਂ ਦੀ ਵਿਗਿਆਨਕ ਢੰਗ ਨਾਲ ਪਛਾਣ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਹੂਲਤ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਸਕੱਤਰ, ਖੇਤੀਬਾੜੀ, ਲਤੀਫ ਅਹਿਮਦ ਨੇ ਕਿਹਾ ਕਿ ਬਾਗਬਾਨੀ ਵਿਕਾਸ ਕੇਂਦਰ ਦੀ ਸਥਾਪਨਾ ਵਿਭਾਗ ਦੇ ਸੰਸਥਾਗਤ ਅਤੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਲਾਡੋਵਾਲ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਵਰਤੋਂ ਕਿਸਾਨਾਂ ਨੂੰ ਮਿਆਰੀ ਪੌਦ ਸਮੱਗਰੀ, ਤਕਨੀਕੀ ਮਾਰਗਦਰਸ਼ਨ ਅਤੇ ਆਧੁਨਿਕ ਬਾਗਬਾਨੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਵੇਗੀ।
ਬਾਗਬਾਨੀ ਡਾਰੈਕਟਰ ਸ੍ਰੀ ਮਨੀਸ਼ ਕੁਮਾਰ, ਨੇ ਵਿਭਾਗ ਵੱਲੋਂ ਬਾਗਬਾਨੀ ਵਿਭਿੰਨਤਾ, ਸੁਰੱਖਿਅਤ ਕਾਸ਼ਤ, ਮਿਆਰੀ ਨਰਸਰੀ ਉਤਪਾਦਨ ਅਤੇ ਆਧੁਨਿਕ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਵਿਕਸਿਤ ਕੀਤੀਆਂ ਜਾ ਰਹੀਆਂ ਸਹੂਲਤਾਂ ਅਤੇ ਤਕਨੀਕੀ ਮਾਹਿਰਾਂ ਦੀ ਮੁਹਾਰਤ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਮੌਕੇ ਸ੍ਰੀ ਹਰਮੇਲ ਸਿੰਘ ਅਤੇ ਸ੍ਰੀ ਗੁਰਸ਼ਰਨ ਸਿੰਘ, ਸੰਯੁਕਤ ਡਾਇਰੈਕਟਰ ਬਾਗਬਾਨੀ, ਸ੍ਰੀ ਦਲਬੀਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ, ਸ੍ਰੀ ਵਿਜੈ ਪ੍ਰਤਾਪ, ਸਹਾਇਕ ਡਾਇਰੈਕਟਰ ਬਾਗਬਾਨੀ, ਸਮੂਹ ਬਾਗਬਾਨੀ ਵਿਕਾਸ ਅਫ਼ਸਰ, ਪ੍ਰੋਜੈਕਟ ਅਫਸਰ ਨਿਖਿਲ ਅੰਬਿਸ਼ ਮਹਿਤਾ ਅਤੇ ਵਿਭਾਗੀ ਸਟਾਫ਼ ਹਾਜ਼ਰ ਸੀ।
ਇਸ ਪ੍ਰੋਗਰਾਮ ਵਿੱਚ 150 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਵੱਖ-ਵੱਖ ਬਾਗਬਾਨੀ ਫ਼ਸਲਾਂ ਸਬੰਧੀ ਤਕਨੀਕੀ ਸੈਸ਼ਨ ਵੀ ਕਰਵਾਇਆ ਗਿਆ। ਵਿਭਾਗ ਦੇ ਵਿਸ਼ਾ ਮਾਹਿਰਾਂ ਨੇ ਕਿਸਾਨਾਂ ਨੂੰ ਸੁਧਰੀਆਂ ਕਾਸ਼ਤ ਤਕਨੀਕਾਂ, ਫ਼ਸਲ ਪ੍ਰਬੰਧਨ, ਪੌਦ ਸੁਰੱਖਿਆ ਅਤੇ ਆਧੁਨਿਕ ਬਾਗਬਾਨੀ ਤਰੀਕਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਸੈਸ਼ਨ ਦੌਰਾਨ ਕਿਸਾਨਾਂ ਨੂੰ ਤਕਨੀਕੀ ਮਾਹਿਰਾਂ ਨਾਲ ਸਿੱਧੇ ਵਿਚਾਰ-ਵਟਾਂਦਰੇ ਅਤੇ ਵਿਹਾਰਕ ਮਾਰਗਦਰਸ਼ਨ ਪ੍ਰਾਪਤ ਕਰਨ ਦਾ ਮੌਕਾ ਵੀ ਮਿਲਿਆ।
———–